ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ 'ਚ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ, ਜਿਥੇ ਦਬੁਰਜੀ ਬਾਈਪਾਸ 'ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਏਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਇੱਕ ਮਹਿਲਾ ਦੀ ਮੌਤ ਹੋ ਗਈ ਜਦਕਿ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।
ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਮਾਂ ਅਤੇ ਪੁੱਤਰ ਪਠਾਨਕੋਟ ਤੋਂ ਆਪਣੇ ਪਿੰਡ ਜੀਵਨਵਾਲ ਬੱਬਰੀ ਆ ਰਹੇ ਸੀ। ਪਿਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਆਉਂਦਾ ਗਿਆ। ਇਸ ਸਬੰਧੀ ਪਰਿਵਾਰ ਨੇ ਦੱਸਿਆ ਕਿ ਉਕਤ ਕਾਰ ਚਾਲਕ ਨੂੰ ਪੁਲਿਸ ਹਿਰਾਸਤ 'ਚ ਲੈ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।