ਡੇਰਾ ਬਾਬਾ ਨਾਨਕ: ਆਖ਼ਰਕਾਰ 72 ਸਾਲ ਬਾਅਦ ਸੰਗਤ ਦੀ ਅਰਦਾਸ ਕਬੂਲ ਹੋਈ ਅਤੇ ਉਮੀਦਾਂ ਦਾ ਲਾਂਘਾ ਖੁੱਲ੍ਹ ਹੀ ਗਿਆ, ਸੰਗਤ ਹੁਣ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰ ਕਰ ਸਕੇਗੀ। ਕਰਤਾਰਪੁਰ ਲਾਂਘੇ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ।
ਲਾਂਘਾ ਖੁੱਲ੍ਹਣ ਤੋਂ ਬਾਅਦ ਪਹਿਲਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘੇ ਰਾਹੀਂ ਰਵਾਨਾ ਹੋ ਗਿਆ ਹੈ ਜਿਸ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰ ਰਹੇ ਹਨ।
ਇਸ ਜਥੇ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ। ਜਥੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਾਨਾ ਕੀਤਾ। ਇਹ ਜਥਾ ਸਰਹੱਦ ਪਾਰ ਕਰਕੇ ਪਾਕਿਸਤਾਨ ਪਹੁੰਚ ਗਿਆ ਹੈ।
ਪ੍ਰਧਾਨ ਮੰਤਰੀ ਮੋਦੀ ਨੇ 550 ਰੁਪਏ ਦਾ ਸਿੱਕਾ ਕੀਤਾ ਜਾਰੀ
ਐੱਸਜੀਪੀਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੌਮੀ ਸੇਵਾ ਪੁਰਸਕਾਰ ਦਾ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਨਰਿਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ 550 ਰੁਪਏ ਦਾ ਸਿੱਕਾ ਜਾਰੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਡਾਕ ਟਿਕਟਾਂ ਜਾਰੀ ਕੀਤੀਆਂ ਜਿਸ ਉੱਤੇ ਪੰਜ ਗੁਰਦੁਆਰਾ ਸਾਹਿਬ ਦੀਆਂ ਤਸਵੀਰਾਂ ਉਕੇਰੀਆਂ ਗਈਆਂ ਹਨ।
ਲਾਂਘਾ ਖੁੱਲਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ
ਪ੍ਰਧਾਨ ਮੰਤਰੀ ਨੇ ਕੌਮੀ ਸੇਵਾ ਪੁਰਸਕਾਰ ਲਈ ਐਸਜੀਪੀਸੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਵੀ ਕਰਤਾਰਪੁਰ ਲਾਂਘਾ ਖੋਲਿਆ ਜਾ ਰਿਹਾ ਹੈ ਜਿਸ ਕਾਰਨ ਹੁਣ ਕਰਤਾਰਪੁਰ ਸਾਹਿਬ ਦੇ ਦਰਸ਼ਨ ਆਸਾਨ ਹੋ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜ ਨੂੰ ਏਕਤਾ ਤੇ ਭਾਈਚਾਰੇ ਦਾ ਰਸਤਾ ਵਿਖਾਇਆ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਤੋਂ ਹੀ ਕਿਰਤ ਦਾ ਸੁਨੇਹਾ ਦਿੱਤਾ ਸੀ। ਕਰਤਾਰਪੁਰ ਦੇ ਕਣ ਕਣ ਵਿੱਚ ਗੁਰੂ ਨਾਨਕ ਦੇਵ ਜੀ ਦੀ ਮਹਿਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਦੇਸ਼ ਭਰ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਨੂੰ ਲੈ ਕੇ ਸਮਾਗਮ ਚੱਲ ਰਹੇ ਹਨ। ਉਨ੍ਹਾਂ ਦੀ ਯਾਦ ਵਿੱਚ ਸਿੱਕੇ ਅਤੇ ਸਟੈਂਪਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿਹਾ ਸੁਲਤਾਨਪੁਰ ਲੋਧੀ ਨੂੰ ਹੈਰੀਟੇਜ ਸਿਟੀ ਬਣਾਉਣ ਦਾ ਕੰਮ ਚੱਲ ਰਿਹਾ ਹੈ ਜੋ ਕਿ ਛੇਤੀ ਹੀ ਪੂਰਾ ਹੋ ਜਾਵੇਗਾ। ਪ੍ਰਧਾਨ ਮਤਰੀ ਮੋਦੀ ਨੇ ਇਸ ਮੌਕੇ ਅੰਮ੍ਰਿਤਸਰ ਤੋਂ ਨੰਦੇੜ ਸਾਹਿਬ ਅਤੇ ਅੰਮ੍ਰਿਤਸਰ ਤੋਂ ਲੰਡਨ ਲਈ ਜਾਣ ਵਾਲੀ ਫਲਾਈਟ ਜਾ ਜ਼ਿਕਰ ਕੀਤਾ ਜਿਸ ਉੱਤੇ ਏਕ ਓਂਕਾਰ ਦਾ ਚਿੰਨ੍ਹ ਉਕੇਰਿਆ ਗਿਆ ਹੈ।
ਉਨ੍ਹਾਂ ਸੰਗਤ ਨੂੰ ਕਰਤਾਰਪੁਰ ਲਾਂਘੇ ਦੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ਉੱਤੇ ਆਉਣ ਦਾ ਮੌਕਾ ਮਿਲਿਆ।