Samajwadi Party In Punjab ਗੁਰਦਾਸਪੁਰ:ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਸਿਆਸੀ ਪਾਰਟੀਆਂ ਦੀ ਸਰਗਰਮੀ ਲਗਾਤਾਰ ਵਧਦੀ ਜਾ ਰਹੀ ਹੈ। ਅੱਜ ਗੁਰਦਾਸਪੁਰ ਪਹੁੰਚੇ ਸਮਾਜਵਾਦੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਧਾਨ ਕੁਲਦੀਪ ਸਿੰਘ ਭੁੱਲਰ ਗੁਰਦਾਸਪੁਰ ਪਹੁੰਚੇ। ਉਨ੍ਹਾਂ ਜਿੱਥੇ ਆਪਣੀ ਪਾਰਟੀ ਦੇ ਵਿਸਥਾਰ ਕਰ ਦਾ ਐਲਾਨ ਕੀਤਾ। ਉੱਥੇ ਹੀ ਵੱਡੀ ਗੱਲ ਵੀ ਕਹਿ ਦਿੱਤੀ। ਕੁਲਦੀਪ ਸਿੰਘ ਭੁੱਲਰ ਨੇ ਕਿਹਾ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ 2024 ਸਮਾਜਵਾਦੀ ਪਾਰਟੀ ਆਪਣੇ ਦਮ 'ਤੇ ਲੜੇਗੀ।
ਅਖਿਲੇਸ਼ ਯਾਦਵ ਨੇ ਜੇਲ੍ਹਾਂ ਤੋਂ ਰਿਹਾ ਕੀਤੇ ਬੰਦੀ ਸਿੰਘ:ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਅਖਿਲੇਸ਼ ਯਾਦਵ ਜਲਦ ਪੰਜਾਬ ਦੌਰੇ 'ਤੇ ਪਹੁੰਚ ਰਹੇ ਹਨ। ਉਹਨਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੀ ਕੇਂਦਰ ਉਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਨੇ 13 ਹਜ਼ਾਰ ਤੋ ਵੱਧ ਸਿੱਖਾਂ ਨੂੰ ਯੂਪੀ ਦੀਆਂ ਜੇਲ੍ਹਾਂ ਤੋਂ ਰਿਹਾ ਕੀਤਾ ਹੈ ਪਰ ਕੇਂਦਰ ਸਰਕਾਰ ਇਹਨਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕਰ ਰਹੀ।
ਅਖਿਲੇਸ਼ ਯਾਦਵ ਦਾ ਪੰਜਾਬ ਦੌਰਾ :ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਕੁਝ ਦਿਨਾਂ ਤੱਕ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ ਪੰਜਾਬ ਦਾ ਦੌਰਾ ਕਰਨਗੇ ਅਤੇ ਪਾਰਟੀ ਦੀ ਕੋਰ ਕਮੇਟੀ ਵਿੱਚ ਲਏ ਗਏ ਫੈਸਲਿਆਂ ਦਾ ਅਤੇ ਪੰਜਾਬ ਅੰਦਰ ਹੋਣ ਵਾਲੀਆਂ ਚੋਣਾਂ ਸਬੰਧੀ ਖੁਲਾਸੇ ਕਰਨਗੇ।
ਕੌਮੀ ਇਨਸਾਫ਼ ਮੋਰਚੇ ਦਾ ਸਮਰਥਨ: ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿੱਚ ਸਾਥੀਆਂ ਸਮੇਤ ਸ਼ਿਰਕਤ ਕਰਕੇ ਜੇਲ੍ਹਾਂ ਵਿਚ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਦੇ ਯਤਨਾਂ ਲਈ ਪੁਰਜ਼ੋਰ ਸਮਰਥਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਬੰਦੀ ਸਿੰਘਾਂ ਨੂੰ ਲੈ ਕੇ ਕਾਂਗਰਸ ਅਕਾਲੀ ਦਲ ਬਾਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਕਦੇ ਵੀ ਸੁਹਿਰਦ ਨਹੀਂ ਰਹੇ ਹਨ।
ਕੇਜਰੀਵਾਲ 'ਤੇ ਸਾਧੇ ਨਿਸ਼ਾਨੇ:ਕੁਲਦੀਪ ਭੁੱਲਰ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਦੀ ਸਰਕਾਰ ਨੇ ਜੇਲ੍ਹਾਂ 'ਚ ਟਾਡਾ ਐਕਟ ਤਹਿਤ ਬੰਦ ਕੀਤੇ 13 ਹਜ਼ਾਰ ਸਿੱਖ ਬੰਦੀਆਂ ਨੂੰ ਰਿਹਾਅ ਕੀਤਾ ਸੀ। ਉਹਨਾਂ ਨੇ ਕਿਹਾ ਕਿ ਖਾੜਕੂਵਾਦ ਦੇ ਦੌਰ ਤੋਂ ਬਾਅਦ ਉਤਰ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਨੇ ਸਿੱਖਾਂ ਨਾਲ ਬਹੁਤ ਜ਼ੁਲਮ ਕੀਤੇ ਸਨ। ਭਾਜਪਾ ਦੇ ਜ਼ੁਲਮਾਂ ਨੂੰ ਉਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਨੇ ਹੀ ਠੱਲ ਪਾਈ ਸੀ। ਆਮ ਆਦਮੀ ਪਾਰਟੀ ਦੇ ਨਿਸ਼ਾਨੇ ਸਾਧਦੇ ਹੋਏ ਕਿਹਾ ਕੀ ਕੇਜਰੀਵਾਲ ਨੇ ਲੋਕਾਂ ਨਾਲ ਝੂਠ ਬੋਲ ਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਈ ਹੈ। ਇਸ ਲਈ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਇਹ ਵੀ ਪੜ੍ਹੋ:-Pervez Musharraf passes away: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਦੇਹਾਂਤ