ਗੁਰਦਾਸਪੁਰ:ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਬਹੁਤ ੜੇ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ। ਪਰ ਕਿਸੇ ਤਰ੍ਹਾਂ ਵੀ ਇਹ ਮੰਗ ਪੂਰੀ ਹੁੰਦੀ ਨਜ਼ਰ ਨਹੀਂ ਆ ਰਹੀ। ਐੱਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਉੱਤੇ ਦਸਤਖਤ ਮੁਹਿੰਮ ਚਲਾਈ ਗਈ ਹੈ। ਇਸੇ ਕੜੀ ਵਿੱਚ ਹਲਕਾ ਕਾਦੀਆਂ ਦੇ ਕਸਬਾ ਧਾਰੀਵਾਲ ਦੇ ਇਤਿਹਾਸਕ ਗੁਰਦਵਾਰਾ ਸ਼੍ਰੀ ਬੁਰਜ ਸਾਹਿਬ ਵਿਖੇ ਵੀ ਦਸਤਖਤ ਮੁਹਿੰਮ ਚਲਾਈ ਗਈ। ਇਸ ਮੁਹਿੰਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪੁਹੰਚ ਕੇ ਫਾਰਮ ਭਰੇ ਅਤੇ ਮੁਹਿੰਮ ਵਿੱਚ ਹਿੱਸਾ ਲਿਆ
ਰਾਜਪਾਲ ਨੂੰ ਸੌਂਪੇ ਜਾਣਗੇ ਫਾਰਮ:ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਖਾਸਤੌਰ ਉੱਤੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ ਸਨ। ਉਨ੍ਹਾਂ ਨਾਲ ਸ਼ਿਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਅਤੇ ਹਲਕਾ ਕਾਦੀਆਂ ਤੋਂ ਅਕਾਲੀ ਦਲ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਵੀ ਪਹੁੰਚੇ ਹੋਏ ਸਨ। ਜਾਣਕਾਰੀ ਦਿੰਦਿਆਂ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮੁਹਿੰਮ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਇਹ ਫਾਰਮ ਭਰੇ ਜਾ ਰਹੇ ਹਨ ਅਤੇ ਫਾਰਮ ਭਰਕੇ ਰਾਜਪਾਲ ਨੂੰ ਦਿੱਤੇ ਜਾਣਗੇ।