ਗੁਰਦਾਸਪੁਰ: ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਘਟਨਾਵਾਂ ਨੂੰ ਲੈਕੇ ਸਿੱਖ ਜਗਤ ਵਿੱਚ ਭਾਰੀ ਰੋਸ ਦੀ ਲਹਿਰ ( incidents of indecency) ਪਾਈ ਜਾ ਰਹੀ ਹੈ। ਅੱਠੇ ਪਹਿਰ ਟਹਿਲ ਸੇਵਾ ਲਹਿਰ ਦੇ ਆਗੂਆਂ ਵੱਲੋਂ ਗੁਰਦਾਸਪੁਰ ਦੇ ਧਾਰੀਵਾਲ ਪਹੁੰਚੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਹੈ। ਸਿੱਖ ਆਗੂਆਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈਕੇ ਕੇਜਰੀਵਾਲ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਸਿੱਖ ਆਗੂਆਂ ਵੱਲੋਂ ਕੇਜਰੀਵਾਲ ਤੋਂ ਸਰਕਾਰ ਆਉਣ ਉੱਤੇ ਇੱਕ ਹੋਰ ਗਾਰੰਟੀ ਦੇਣ ਦੀ ਮੰਗ ਕੀਤੀ ਗਈ। ਉਨ੍ਹਾਂ ਬੇਅਦਬੀ ਦੇ ਦੋਸ਼ੀਆਂ ਸਜ਼ਾ ਦਿਵਾਉਣ ਦੇ ਨਾਲ ਨਾਲ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਤਾਂ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਦੇ ਰੋਸ ਵਜੋਂ ਅੱਜ ਅੱਠੇ ਪਹਿਰ ਟਹਿਲ ਸੇਵਾ ਲਹਿਰ ਵੱਲੋਂ ਧਾਰੀਵਾਲ ਵਿਖੇ ਚੱਲ ਰਹੇ ਕ੍ਰਿਸਮਿਸ ਸਮਾਗਮ ਵਿੱਚ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਸਥਾ ਦੇ ਆਗੂਆਂ ਨੇ ਮੰਗ ਪੱਤਰ ਸੌਂਪਿਆ ਅਤੇ ਮੰਗ ਕੀਤੀ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਏ ਜਾਣ। ਸਿੱਖ ਆਗੂਆਂ ਨੇ ਦੱਸਿਆ ਕਿ ਮੁਲਜ਼ਮ ਬੇਅਦਬੀ ਕਰਨ ਤੋਂ ਬਾਅਦ ਆਸਾਨੀ ਨਾਲ ਬਚ ਜਾਂਦੇ ਹਨ ਜਿਸ ਕਰਕੇ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਉਹ ਬੇਅਦਬੀ ਦੇ ਰੋਸ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਖਬੀਰ ਬਾਦਲ ਨੂੰ ਵੀ ਮੰਗ ਪੱਤਰ ਦੇ ਚੁੱਕੇ ਹਨ।