ਗੁਰਦਾਸਪੁਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਵਰਤੀ ਗਈ ਸਖ਼ਤੀ ਅਤੇ ਉਥੇ ਦੀ ਪੁਲਸ ਵੱਲੋਂ ਕੀਤੀ ਹਿੰਸਕ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਬਾਜਵਾ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਪੰਜਾਬ ਅੰਦਰ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਹੈ। ਕਿਸਾਨਾਂ ਨੇ ਪੂਰੀ ਜਮਹੂਰੀ ਢੰਗ ਨਾਲ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਇਆ ਹੈ। ਪਰ ਇਸ ਦੇ ਬਾਵਜੂਦ ਕੇਂਦਰ ਵਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਣ ਕਾਰਣ ਹੁਣ ਜਦੋਂ ਕਿਸਾਨ ਕੇਂਦਰ ਸਰਕਾਰ ਨੂੰ ਆਪਣੀਆਂ ਸਮੱਸਿਆਵਾਂ ਦੱਸਣ ਲਈ ਦਿੱਲੀ ਜਾਣ ਲਈ ਮਜ਼ਬੂਰ ਹੋਏ ਹਨ ਤਾਂ ਪੁਲਿਸ ਦੇ ਜ਼ਬਰਨ ਉਨ੍ਹਾਂ ਨੂੰ ਰੋਕਣ ਦੀ ਕਾਰਵਾਈ ਕਿਸਾਨਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।