ਗੁਰਦਾਸਪੁਰ:ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ, ਪਰ ਇਸਦੇ ਬਾਵਜੂਦ ਵੀ ਪੰਜਾਬ 'ਚ ਲਗਾਤਾਰ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ (Stubble Burning in punjab) ਜਾਰੀ ਹੈ। ਗੁਰਦਾਸਪੁਰ ਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਵੀ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਲਗਾਈ ਗਈ ਹੈ। ਦੂਜੇ ਪਾਸੇ, ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪਰਾਲੀ ਨੂੰ ਸੰਭਾਲਣ ਲਈ ਕੋਈ ਢੁੱਕਵੇਂ ਪ੍ਰਬੰਧ ਨਹੀਂ ਕੀਤੇ ਅਤੇ ਨਾ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸ ਲਈ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਾਰੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾ ਤਾਂ ਪਰਾਲੀ ਨਾ ਜਲਾਉਣ ਲਈ ਮੁਆਵਜ਼ਾ ਮਿਲ ਰਿਹਾ ਹੈ ਅਤੇ ਨਾ ਹੀ ਅਜੇ ਤੱਕ ਉਨ੍ਹਾਂ ਦੇ ਕੋਲ ਪਰਾਲੀ ਨੂੰ ਸਾਂਭਣ ਲਈ ਕੋਈ ਸੰਦ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਅਤੇ ਵੱਡੇ ਜ਼ਿਮੀਂਦਾਰਾਂ ਨੂੰ ਇਸ ਸੰਦ ਸਬਸਿਡੀ 'ਤੇ ਦਿੱਤੇ ਹਨ ਜਿਸ ਲਈ ਛੋਟਾ ਕਿਸਾਨ ਅੱਜ ਵੀ ਖੇਤਾਂ ਵਿੱਚ ਅੱਗ ਲਗਾਉਣ ਲਈ ਮਜਬੂਰ ਹੈ।