ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਤੇ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਸੂਬਾ ਸਰਕਾਰ ਨੂੰ ਬੀਤੀ ਸ਼ਾਮ ਸੂਚਿਤ ਕੀਤਾ। ਮੌਜੂਦਾ ਜ਼ਿਲ੍ਹਾ/ਰੈਫ਼ਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਕੇਂਦਰ ਸਰਕਾਰ ਪਾਸਿਓਂ ਪ੍ਰਾਪਤ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਜਾਵੇਗਾ। ਇਸ ਦੇ ਲਈ ਕੇਂਦਰ ਸਰਕਾਰ 195 ਕਰੋੜ ਰੁਪਏ ਦੇਵੇਗੀ ਤੇ 130 ਕਰੋੜ ਰੁਪਏ ਦਾ ਯੋਗਦਾਨ ਪੰਜਾਬ ਸਰਕਾਰ ਵੱਲੋਂ ਪਾਇਆ ਜਾਵੇਗਾ।
ਕੰਢੀ ਖੇਤਰ ਵਿੱਚ ਬਣਨ ਵਾਲੇ ਆਪਣੀ ਕਿਸਮ ਦੇ ਪਹਿਲੇ ਸਰਕਾਰੀ ਮੈਡੀਕਲ ਕਾਲਜ ਵਿੱਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਇਹ ਸਿਹਤ ਸੰਸਥਾ ਖੇਤਰ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਮੈਡੀਕਲ ਸਿੱਖਿਆ ਤੇ ਖੋਜ ਨੂੰ ਉਤਸ਼ਾਹਿਤ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਹਸਪਤਾਲ ਦੀ ਮੌਜੂਦਾ ਸਮੇਂ 200 ਬਿਸਤਰਿਆਂ ਦੀ ਸਮਰਥਾ ਵਧ ਕੇ 500 ਬਿਸਤਰਿਆਂ ਦੀ ਹੋ ਜਾਵੇਗੀ। ਇਸ ਤੋਂ ਇਲਾਵਾ ਹਸਪਤਾਲ ਵਿੱਚ ਬੁਨਿਆਦੀ ਢਾਂਚੇ ਦੀਆਂ ਆਧੁਨਿਕ ਮੈਡੀਕਲ ਸਹੂਲਤਾਂ ਵੀ ਮੁਹੱਈਆ ਹੋਣਗੀਆਂ।
ਦੱਸਣਯੋਗ ਹੈ ਕਿ ਸੂਬੇ ਵਿੱਚ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਵਿੱਚ ਪਹਿਲਾਂ ਹੀ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ। ਦੋ ਹੋਰ ਸਰਕਾਰੀ ਮੈਡੀਕਲ ਕਾਲਜ ਐਸ.ਏ.ਐਸ. ਨਗਰ (ਮੋਹਾਲੀ) ਅਤੇ ਕਪੂਰਥਲਾ ਵਿਖੇ ਸਥਾਪਤ ਕੀਤੇ ਜਾ ਰਹੇ ਹਨ ਜਦਕਿ ਛੇਵੇਂ ਮੈਡੀਕਲ ਕਾਲਜ ਦੀ ਸਥਾਪਨਾ ਹੁਸ਼ਿਆਰਪੁਰ ਵਿਖੇ ਕਰਨ ਦੀ ਪ੍ਰਵਾਨਗੀ ਮਿਲ ਗਈ ਹੈ।