ਹੁਸ਼ਿਆਰਪੁਰ :ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਤਿੰਨ ਹੋਰ ਟੋਲ ਪਲਾਜ਼ੇ ਬੰਦ ਕਰਵਾਏ। ਅੱਜ ਇੱਥੇ ਮਜਾਰੀ (ਨਵਾਂਸ਼ਹਿਰ), ਨੰਗਲ ਸ਼ਹੀਦਾਂ ਤੇ ਮਾਨਗੜ੍ਹ (ਹੁਸ਼ਿਆਪੁਰ) ਟੋਲ ਪਲਾਜ਼ੇ ਬੰਦ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਤਿੰਨੋਂ ਟੋਲ ਬੰਦ ਹੋਣ ਨਾਲ ਰੋਜ਼ਾਨਾ 10.52 ਲੱਖ ਰੁਪਏ ਬਚਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਮਝੌਤੇ ਮੁਤਾਬਕ ਇਹ ਟੋਲ 10 ਸਾਲ ਪਹਿਲਾਂ ਬੰਦ ਹੋਣ ਚਾਹੀਦੇ ਸਨ ਪਰ ਮੌਕੇ ਦੀਆਂ ਸਰਕਾਰਾਂ ਨੇ ਟੋਲ ਕੰਪਨੀ ਉਤੇ ਮਿਹਰਬਾਨ ਹੁੰਦਿਆਂ ਉਲਟਾ ਕੰਪਨੀ ਦੇ ਖਜ਼ਾਨੇ ਭਰਨ ਵਿਚ ਪੂਰੀ ਮਦਦ ਕੀਤੀ।
ਇਹ ਵੀ ਪੜ੍ਹੋ :Sanjay Singh Statement on Governor: ਰਾਜਪਾਲ ਅਤੇ ਐੱਲਜੀ 'ਤੇ ਲੋਕਾਂ ਦਾ ਪੈਸਾ ਹੁੰਦੈ ਖ਼ਰਾਬ: ਸੰਜੇ ਸਿੰਘ
ਮਾਨ ਨੇ ਕਿਹਾ ਇਹ ਪੰਜਾਬ ਦੀ ਬਦਕਿਸਮਤੀ ਹੈ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੀਆਂ ਸਰਕਾਰਾਂ ਨੇ ਆਪਣੇ ਹੀ ਲੋਕਾਂ ਨਾਲ ਵਫਾ ਨਹੀਂ ਕਮਾਈ। ਇਸ ਦੀ ਸਪੱਸ਼ਟ ਮਿਸਾਲ ਇਸ ਪ੍ਰਾਜੈਕਟ ਤੋਂ ਮਿਲਦੀ ਹੈ ਕਿ ਕਿਵੇਂ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜੋ ਸਮਝੌਤੇ ਕਰਨ ਮੌਕੇ ਕਾਂਗਰਸ ਸਰਕਾਰ ਵਿਚ ਲੋਕ ਨਿਰਮਾਣ ਮੰਤਰੀ ਸਨ ਅਤੇ ਅਕਾਲੀ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੰਦਰਖਾਤੇ ਕੰਪਨੀ ਨਾਲ ਮਿਲੀਭੁਗਤ ਕਰ ਕੇ ਲੋਕਾਂ ਦੀਆਂ ਜੇਬ੍ਹਾਂ ਉਤੇ ਡਾਕਾ ਮਰਵਾਉਂਦੇ ਰਹੇ। ‘ਰਾਜ ਨਹੀਂ ਸੇਵਾ’ ਦਾ ਢਿੰਡੋਰਾ ਪਿੱਟਣ ਵਾਲੇ ਕੰਪਨੀ ਦੀ ਸੇਵਾ ਵਿਚ ਲੱਗੇ ਰਹੇ।