ਹੁਸ਼ਿਆਰਪੁਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ।
ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਨੇ ਕੀਤਾ ਦੌਰਾ: ਐਨ.ਡੀ.ਆਰ.ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ, ਮੋਤਲਾ ਅਤੇ ਕੋਲੀਆ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ 'ਚ: ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ।
ਪੌਂਗ ਡੈਮ ਤੋਂ ਵਾਧੂ ਪਾਣੀ ਛੱਡਿਆ ਗਿਆ:ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ।
ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ।
ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਤੇ ਸਾਥ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਨੇਕ ਉਪਰਾਲੇ ਲਈ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਹਾਨ ਗੁਰੂਆਂ, ਸੰਤਾਂ-ਮਹਾਤਮਾ ਅਤੇ ਪੀਰ-ਪੈਗੰਬਰਾਂ ਵੱਲੋਂ ਦਿਖਾਏ ਮਾਰਗ ਚਲਦਿਆਂ ਦੁਖੀ ਲੋਕਾਂ ਦੀ ਸੇਵਾ ਕਰਦੇ ਹਨ।
ਸੰਸਥਾਵਾਂ ਵੀ ਮਦਦ ਲਈ ਅੱਗੇ ਆਈਆਂ: ਮੁੱਖ ਮੰਤਰੀ ਨੇ ਉਨ੍ਹਾਂ ਪਰਉਪਕਾਰੀ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੇ ਨਾਲ-ਨਾਲ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ।
ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ:ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ ਭਾਵੇਂ ਉਨ੍ਹਾਂ ਦੀ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੋਇਆ ਹੋਵੇ।
ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ : ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ:ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ ਦੇ ਪੱਧਰ ਸਬੰਧੀ ਜਾਣਕਾਰੀ ਲੋਕਾਂ ਨਾਲ ਨਿਰੰਤਰ ਤੌਰ 'ਤੇ ਸਾਂਝੀ ਕਰਨ ਤਾਂ ਜੋ ਕਿਸੇ ਵੀ ਭੰਬਲਭੂਸੇ ਤੋਂ ਬਚਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ। ਪ੍ਰੈਸ ਨੋਟ