ਹੁਸ਼ਿਆਰਪੁਰ:ਜ਼ਿਲ੍ਹੇ ਵਿੱਚ ਈ-ਰਿਕਸ਼ਾ ਚਾਲਕਾਂ ਅਤੇ ਆਟੋ ਚਾਲਕਾਂ ਵਿੱਚ ਆਏ ਦਿਨ ਤਕਰਾਰ ਦੀਆਂ ਖਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਤਕਰਾਰ ਨੂੰ ਲੈਕੇ ਹੁਣ ਈ ਰਿਕਸ਼ਾ ਚਾਲਕਾਂ ਵੱਲੋਂ ਸ਼ਹਿਰ ਵਿੱਚ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਈ-ਰਿਕਸ਼ਾ ਚਾਲਕਾਂ ਦੀਆਂ ਵੱਖ ਵੱਖ ਯੂਨੀਅਨਾਂ ਵੱਲੋਂ ਪੂਰੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ ਅਤੇ ਜੰਮਕੇ ਪ੍ਰਸ਼ਸਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸਦੇ ਨਾਲ ਹੀ ਗੁੱਸੇ ਵਿੱਚ ਆਏ ਈ-ਰਿਕਸ਼ਾ ਚਾਲਕਾਂ ਵੱਲੋਂ ਸ਼ਹਿਰ ਵਿੱਚ ਮੁੱਖ ਸੜਕ ਉੱਪਰ ਆਪਣੇ ਰਿਕਸ਼ਾ ਨੂੰ ਰੋਕ ਨੂੰ ਟ੍ਰੈਫਿਕ ਜਾਮ ਕੀਤਾ ਗਿਆ ਹੈ ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਈ-ਰਿਕਸ਼ਾ ਚਾਲਕਾਂ ਦੇ ਇਸ ਪ੍ਰਦਰਸ਼ਨ ਨੂੰ ਲੈਕੇ ਮੌਕੇ ਉੱਪਰ ਪੁਲਿਸ ਵੀ ਪਹੁੰਚੀ ਜਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਧਰਨਾ ਸਮਾਪਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਰਿਕਸ਼ਾ ਯੂਨੀਅਨਾਂ ਦੇ ਆਗੂਆਂ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਦਾ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਧਿਆਨ ਨਹੀਂ ਦੇ ਰਿਹਾ ਜਿਸ ਤੋਂ ਲੱਗਦਾ ਹੈ ਕਿ ਪ੍ਰਸ਼ਾਸਨ ਗੂੜ੍ਹੀ ਨੀਂਦ ਸੌਂ ਰਿਹਾ ਹੈ।