ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 2500 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਗੈਰ-ਬਾਸਮਤੀ ਝੋਨਾ ਲਾਉਣ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਬਦਲੇ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਮੁਆਵਜ਼ੇ ਦਾ ਹੱਕਦਾਰ ਉਹ ਕਿਸਾਨ ਹੋਵੇਗਾ ਜਿਸ ਕੋਲ ਆਪਣੇ, ਪਤਨੀ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਨਾਂ 'ਤੇ ਕੁੱਲ 5 ਏਕੜ ਤੱਕ ਹੀ ਜ਼ਮੀਨ ਦੀ ਮਾਲਕੀ ਹੈ ਅਤੇ ਇਹ ਜ਼ਮੀਨ ਜਾਂ ਇਸ ਦੇ ਕਿਸੇ ਹਿੱਸੇ ਵਿੱਚ ਗੈਰ-ਬਾਸਮਤੀ ਝੋਨੇ ਦੀ ਖੇਤੀ ਕਰਦਾ ਹੋਵੇ। ਨਾਲ ਹੀ ਖੇਤ ਦੇ ਕਿਸੇ ਵੀ ਹਿੱਸੇ ਵਿੱਚ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਈ ਹੋਵੇ।