ਹੁਸ਼ਿਆਰਪੁਰ: ਲੋਕਾਂ ਨੂੰ ਤੋਹਫੇ ਵਜੋਂ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਰੱਖਣ/ ਦੇ ਐਲਾਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ, ਜਦੋਂ ਸਮੁੱਚੇ ਕੰਢੀ ਖੇਤਰ ਦੀ ਕਿਸਮਤ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣਗੇ ਅਤੇ ਲੋਕਾਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਇਸ ਖੇਤਰ ਨੂੰ ਅੱਖੋਂ-ਪਰੋਖੇ ਕਰਦੀਆਂ ਰਹੀਆਂ ਹਨ, ਪਰ ਉਨ੍ਹਾਂ ਦੀ ਸਰਕਾਰ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।
ਕੇਜਰੀਵਾਲ ਦੀ ਤਾਰੀਫ਼:ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਇੱਕ ਮਹਾਨ ਅਤੇ ਕ੍ਰਾਂਤੀਕਾਰੀ ਨੇਤਾ ਦੱਸਿਆ ਜਿਸ ਨੇ ਆਮ ਆਦਮੀ ਨੂੰ ਭਾਰਤੀ ਰਾਜਨੀਤੀ ਦੇ ਕੇਂਦਰੀ ਮੰਚ ’ਤੇ ਲਿਆਉਣ ਦਾ ਹੌਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਾ ਤਾਂ ਕੋਈ ਸਿਆਸੀ ਰੈਲੀ ਹੈ ਅਤੇ ਨਾ ਹੀ ਸ਼ਕਤੀ ਪ੍ਰਦਰਸ਼ਨ , ਸਗੋਂ ਇਹ ਸਮਾਗਮ ਪੂਰਨ ਰੂਪ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਕੋਨੇ-ਕੋਨੇ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ ਆਮ ਆਦਮੀ ਸਰਕਾਰ ਦੇ ਮਹਿਜ਼ 18 ਮਹੀਨੇ ਦੇ ਸ਼ਾਸਨ ਦਾ ਨਤੀਜਾ ਹੈ।
ਨਵੇਂ ਮੈਡੀਕਲ ਕਾਲਜ :ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ, ਸਕੂਲਾਂ ਵਿੱਚ ਮੁਕੰਮਲ ਤੌਰ ’ਤੇ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ, ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦੀ ਕੰਢੇ ਲਿਆ ਖੜ੍ਹਾ ਕੀਤਾ ਹੈ ਅਤੇ ਹੁਣ ਉਹ ਬੇਸ਼ਰਮੀ ਨਾਲ ਨੈਤਿਕਤਾ ਦਾ ਰਾਗ ਅਲਾਪਣ ਲੱਗੀਆਂ ਹੋਈਆਂ ਹਨ।
ਪੰਜਾਬ ਦੇ ਨੌਜਵਾਨਾਂ ਦਾ ਅਪਮਾਨ: ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਸ ਦੇ ਸਾਥੀਆਂ ਨੇ ਸੂਬੇ ਦੇ ਹਿੱਤ ਵੇਚੇ ਹਨ, ਆਮ ਆਦਮੀ ਦਾ ਜੀਵਨ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਆਮ ਆਦਮੀ ਪਾਰਟੀ ਨੂੰ ਮਲੰਗਾਂ ਦੀ ਪਾਰਟੀ ਕਹਿ ਕੇ ਪੰਜਾਬ ਦੇ ਨੌਜਵਾਨਾਂ ਦਾ ਅਪਮਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਕੋਲ ਬੁੱਧੀਜੀਵੀ ਨੇਤਾ ਹਨ, ਜਿਨ੍ਹਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਸੰਸਥਾਵਾਂ ਵਿੱਚ ਪੜ੍ਹਾਈ ਕੀਤੀ ਹੈ ਅਤੇ ਇਨ੍ਹਾਂ ਸਾਰਿਆਂ ਆਗੂਆਂ ਨੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਪੋ-ਆਪਣੇ ਖੇਤਰਾਂ ਵਿੱਚ ਆਪਣੀ ਕਾਬਲੀਅਤ ਦੇ ਬਾਖੂਬੀ ਸਬੂਤ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਜਿਨ੍ਹਾਂ ਨੂੰ ਪੰਜਾਬੀ ਦੇ ਮੂਲ ਸ਼ਬਦਾਂ ਦਾ ਉਚਾਰਨ ਤੱਕ ਨਹੀਂ ਕਰਨਾ ਆਉਂਦਾ, ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਬਾਰੇ ਨਿਰਾਧਾਰ ਟੀਕਾ-ਟਿੱਪਣੀ ਕਰ ਰਹੇ ਹਨ।
ਬਾਦਲ ਪਰਿਵਾਰ ਦੀਆਂ ਕਰਤੂਤਾਂ : ਮੁੱਖ ਮੰਤਰੀ ਨੇ ਭਵਿੱਖਬਾਣੀ ਕਰਦਿਆਂ ਕਿਹਾ ਕਿ ਲੋਕ ਇਨ੍ਹਾਂ ਤਾਨਾਸ਼ਾਹ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਉਨ੍ਹਾਂ ਨੇ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਅਤੇ ਚੰਡੀਗੜ੍ਹ ਦੀ ਇੱਕ ਸੀਟ ‘ਆਪ’ ਦੀ ਝੋਲੀ ਵਿੱਚ ਪਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਅੰਕੜਾ 13-0 ਦਾ ਹੋਵੇਗਾ ਜਿੱਥੇ 13 ‘ਆਪ’ ਦੇ ਹੱਕ ਵਿੱਚ ਹੋਣਗੇ ਅਤੇ ਬਾਕੀ ਪਾਰਟੀਆਂ ਦੇ ਖਾਤੇ ਤੱਕ ਨਹੀਂ ਖੁੱਲ੍ਹਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਵਲੋਂ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੋਈ ਵੀ ਕੇਸ ਦਾਇਰ ਕਰਨ ਲਈ ਉਹ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਕਰਤੂਤਾਂ ਨੂੰ ਲੋਕਾਂ ਸਾਹਮਣੇ ਨੰਗਾ ਕਰਨ ਲਈ ਇਸ ਕੇਸ ਦਾ ਸਵਾਗਤ ਕਰਨਗੇ।
‘ਮੁਹਾਵਰੇ ਦੇ ਮਾਸਟਰ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ‘ਮੁਹਾਵਰੇ ਦੇ ਮਾਸਟਰ’ ਹਨ ਜਿਨ੍ਹਾਂ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੇਵਕੂਫ ਬਣਾਇਆ ਹੈ। ਉਨ੍ਹਾਂ ਲੋਕਾਂ ਨੂੰ ਚੇਤੇ ਕਰਵਾਇਆ ਕਿ ਮੋਦੀ ਵੱਲੋਂ ਹਰੇਕ ਖਾਤੇ ਵਿੱਚ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਗੈਰ ਯੋਜਨਾਬੱਧ ਨੀਤੀਆਂ ਕਾਰਨ ਲੋਕਾਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਲੱਖ ਰੁਪਏ ਤਾਂ ਛੱਡੋ, ਹੁਸ਼ਿਆਰਪੁਰ ਦੇ ਨਾਲ ਲੱਗਦੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਲੋਕ 2019 ’ਚ ਇਸ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਚੁਣੇ ਗਏ ਆਪਣੇ ਸੰਸਦ ਮੈਂਬਰ ਸੰਨੀ ਦਿਓਲ ਦਾ ਚਿਹਰਾ ਦੇਖਣ ਦੀ ਉਡੀਕ ਕਰ ਰਹੇ ਹਨ।