ਹੁਸ਼ਿਆਰਪੁਰ: ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜਿੱਥੇ ਪ੍ਰਵਾਸੀ ਮਜ਼ਦੂਰਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ, ਉੱਥੇ ਹੀ ਰਾਧਾ ਸੁਆਮੀ ਸਤਿਸੰਗ ਦੇ ਸਹਿਯੋਗ ਨਾਲ ਜੰਮੂ-ਕਸ਼ਮੀਰ ਨਾਲ ਸਬੰਧਤ ਵਿਅਕਤੀਆਂ ਦੀ ਰਿਹਾਇਸ਼ ਤੇ ਖਾਣੇ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਫਿਊ ਲੱਗਣ ਦੌਰਾਨ ਭੱਠਿਆਂ, ਫੈਕਟਰੀਆਂ, ਰਾਇਸ ਸ਼ੈਲਰਾਂ ਅਤੇ ਹੋਰ ਵੱਖ-ਵੱਖ ਵਪਾਰਕ ਅਦਾਰਿਆਂ ਨਾਲ ਤੁਰੰਤ ਸੰਪਰਕ ਕਰਕੇ ਹਦਾਇਤ ਕੀਤੀ ਗਈ ਕਿ ਪ੍ਰਵਾਸੀ ਮਜ਼ਦੂਰਾਂ ਦੀ ਜ਼ਿੰਮੇਵਾਰੀ ਸੁਚਾਰੂ ਢੰਗ ਨਾਲ ਨਿਭਾਈ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜ਼ਮੀਨੀ ਪੱਧਰ 'ਤੇ ਚੈਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਵੱਖ-ਵੱਖ ਵਪਾਰਕ ਅਦਾਰਿਆਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਪਾਰਕ ਅਦਾਰਿਆਂ ਤੋਂ ਇਲਾਵਾ ਜਿਥੇ ਕਿਤੇ ਵੀ ਪ੍ਰਵਾਸੀ ਮਜ਼ਦੂਰ ਰਹਿ ਰਹੇ ਹਨ, ਉਥੇ ਹੀ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਜ਼ਰੂਰੀ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।