ਹੁਸ਼ਿਆਰਪੁਰ: ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਰਾਹੀਂ ਪੰਜਾਬ ਦੀ ਖੇਤੀ ਨੂੰ ਸਿਖਰਾਂ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ, ਵਿਦਵਾਨਾਂ ਅਤੇ ਖੇਤੀ ਵਿਗਿਆਨੀਆਂ ਦੇ ਵਡਮੁੱਲੇ ਸੁਝਾਅ ਲੈ ਕੇ ਅਜਿਹੀ ਨੀਤੀ ਤਿਆਰ ਕੀਤੀ ਜਾ ਰਹੀ ਹੈ, ਜੋ ਘੱਟੋ-ਘੱਟ ਅਗਲੇ 25 ਸਾਲਾਂ ਤੱਕ ਕਿਸਾਨਾਂ ਲਈ ਲਾਹੇਵੰਦ ਹੋਵੇਗੀ।
ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ:-ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਖੇਤੀ ਨੀਤੀ ਇੱਥੋਂ ਦੇ ਵਾਤਾਵਰਨ, ਭੂਗੋਲਿਕ ਸਥਿਤੀ ਅਤੇ ਪਾਣੀ ਦੀ ਸਥਿਤੀ ਅਨੁਸਾਰ ਬਣਾਈ ਜਾ ਰਹੀ ਹੈ। ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਖੜਕਾਂ ਦੇ ਸ਼ੇਰਗਿੱਲ ਫਾਰਮ ਵਿਖੇ ਅੰਬਾਂ ਦੇ ਰੁੱਖਾਂ ਹੇਠ ਸੁਹਾਵਣੇ ਅਤੇ ਖੁੱਲ੍ਹੇ ਮਾਹੌਲ ਵਿੱਚ ਕਰਵਾਈ ਗਈ ਦੂਜੀ ਸਰਕਾਰ-ਕਿਸਾਨ ਮਿਲਣੀ ਅਤੇ ਐਨ.ਆਰ.ਆਈ ਸੰਮੇਲਨ ਦੌਰਾਨ 6 ਦੇਸ਼ਾਂ ਦੇ ਪ੍ਰਵਾਸੀ ਭਾਰਤੀਆਂ ਅਤੇ ਸੂਬੇ ਭਰ ਦੇ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।
ਵਿਸ਼ੇਸ਼ ਤੌਰ ’ਤੇ ਹਾਜ਼ਰ:-ਸਮਾਗਮ ਵਿੱਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਖੇਤੀਬਾੜੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਚੇਅਰਮੈਨ ਕਿਸਾਨ ਭਲਾਈ ਕਮਿਸ਼ਨ ਡਾ: ਸੁਖਪਾਲ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪੰਜਾਬ ਦੀ ਨਵੀਂ ਖੇਤੀ ਨੀਤੀ ਤਿਆਰ:-ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਿਲਣੀ ਦੇ ਦੋ ਉਦੇਸ਼ ਹਨ, ਪਹਿਲਾ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਣ ਲਈ ਉਨ੍ਹਾਂ ਦੇ ਸੁਝਾਵਾਂ ਨੂੰ ਜਾਣਨਾ ਅਤੇ ਦੂਜਾ ਇਨ੍ਹਾਂ ਸੁਝਾਵਾਂ ਦੇ ਆਧਾਰ ’ਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਤਿਆਰ ਕਰਨਾ। ਉਨ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਖੇਤੀ ਦੀ ਬਿਹਤਰੀ ਲਈ ਕੀਤੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਖੇਤੀ ਚੁਣੌਤੀਆਂ ਸਗੋਂ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਜ਼ਰੂਰੀ ਹੈ।
ਨਵੀਂ ਖੇਤੀ ਨੀਤੀ 30 ਜੂਨ ਨੂੰ ਲਾਗੂ:-ਉਨ੍ਹਾਂ ਦੱਸਿਆ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਨਵੀਂ ਖੇਤੀ ਨੀਤੀ ਵਿੱਚ ਕਿਸਾਨਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬੀ ਭਰਾਵਾਂ ਨੇ ਵਿਦੇਸ਼ਾਂ ਵਿੱਚ ਜਾ ਕੇ ਖੇਤੀ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਹੈ। ਜਿਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਤਜ਼ਰਬਿਆਂ ਦਾ ਭਰਪੂਰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਦਰਿਆਵਾਂ ਅਤੇ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਸਮੇਂ ਦੀ ਮੁੱਖ ਮੰਗ ਹੈ।
ਪੰਜਾਬ ਸਹੀ ਰਸਤੇ ’ਤੇ ਉਡਾਣ ਭਰਨ ਜਾ ਰਿਹਾ:- ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪਾਣੀ, ਬਿਜਲੀ ਅਤੇ ਬੀਜਾਂ ਦੀ ਵੰਡ ਨੂੰ ਪਾਰਦਰਸ਼ੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵਜੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਹਟ ਕੇ ਸਬਜ਼ੀਆਂ, ਫਲਾਂ ਅਤੇ ਮੱਕੀ ਆਦਿ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਲਈ ਢੁਕਵੀਂ ਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਫ਼ਸਲਾਂ ਲਈ ਵੱਖਰੇ ਬੋਰਡ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੀ ਹੈ ਅਤੇ 75 ਸਾਲਾਂ ਬਾਅਦ ਪਹਿਲੀ ਵਾਰ ਪੰਜਾਬ ਸਹੀ ਰਸਤੇ ’ਤੇ ਉਡਾਣ ਭਰਨ ਜਾ ਰਿਹਾ ਹੈ।
ਪੰਜਾਬ ਦੀ ਖੇਤੀ ਨੂੰ ਠੀਕ ਕੀਤਾ ਗਿਆ:-ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਵੱਖ-ਵੱਖ ਫਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਖੇਤੀ ਵਿੱਚੋਂ ਜ਼ਹਿਰਾਂ ਦੀ ਵਰਤੋਂ ਨੂੰ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਖੇਤੀ ਨੂੰ ਠੀਕ ਕੀਤਾ ਗਿਆ ਤਾਂ ਪੂਰਾ ਪੰਜਾਬ ਇੱਕ ਵਾਰ ਫਿਰ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸੰਭਵ ਹੋ ਸਕਦਾ ਹੈ ਜੇਕਰ ਸਿਆਸਤਦਾਨ ਇਮਾਨਦਾਰ ਹੋਣ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਬਾਸਮਤੀ ਦਾ ਰੇਟ ਤੈਅ ਕੀਤਾ ਗਿਆ ਹੈ, ਉਸੇ ਤਰ੍ਹਾਂ ਹੋਰਨਾਂ ਫ਼ਸਲਾਂ ਦਾ ਵੀ ਘੱਟੋ-ਘੱਟ ਮੁੱਲ ਤੈਅ ਕੀਤਾ ਜਾਵੇਗਾ।
ਨਵੀਂ ਖੇਤੀ ਨੀਤੀ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗੀ:-ਇਸ ਮੌਕੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਖੇਤੀ ਨੀਤੀ ਪੰਜਾਬ ਨੂੰ ਨਵੀਂ ਦਿਸ਼ਾ ਦੇਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਖੁਦ ਜ਼ਮੀਨ ਨਾਲ ਜੁੜੇ ਹੋਏ ਹਨ, ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਕਿਸਾਨ ਮਿਲਣੀਆਂ ਪੰਜਾਬ ਦੀ ਖੇਤੀ ਨੂੰ ਜਿਊੁਂਦਾ ਰੱਖਣ ਦਾ ਵੱਡਾ ਉਪਰਾਲਾ ਹੈ।
ਵੀਡਿਓ ਸੰਦੇਸ਼ਾਂ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ:-ਇਸ ਮੌਕੇ ਐਨ.ਆਰ.ਆਈ ਕਿਸਾਨਾਂ ਅਤੇ ਵਿਦਵਾਨਾਂ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਖੇਤੀ ਨੀਤੀ ਸਬੰਧੀ ਵੱਡਮੁੱਲੇ ਸੁਝਾਅ ਦਿੱਤੇ, ਜਿਨ੍ਹਾਂ ਵਿਚ ਡਾ. ਗੁਰਰੀਤ ਪਾਲ ਸਿੰਘ ਬਰਾੜ, ਡਾ. ਹਰਦੀਪ ਸਿੰਘ, ਡਾ.ਇੰਦਰ ਮਾਨ, ਡਾ. ਬਿਕਰਮ ਗਿੱਲ, ਜਸਵੀਰ ਸਿੰਘ ਸਿੱਧੂ, ਅਮਨਪ੍ਰੀਤ ਬਰਾੜ ਸ਼ਾਮਲ ਸਨ। ਇਸ ਤੋਂ ਇਲਾਵਾ ਚਰਨਜੀਤ ਸਿੰਘ ਬਾਠ, ਗੈਰੀ ਚਹਿਲ ਅਤੇ ਫਰਿਜ਼ਨੋ ਸਟੇਟ ਯੂਨੀਵਰਸਿਟੀ ਦੇ ਪ੍ਰਧਾਨ ਵੱਲੋਂ ਵੀਡਿਓ ਸੰਦੇਸ਼ਾਂ ਰਾਹੀਂ ਆਪਣੀ ਹਾਜ਼ਰੀ ਦਰਜ ਕਰਵਾਈ ਗਈ। (ਪ੍ਰੈਸ ਨੋਟ)