ਹੁਸ਼ਿਆਰਪੁਰ :ਉੜਮੁੜ ਤੋਂ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮਿਲਕੇ ਹਲਕੇ ਅਧੀਨ ਆਉਂਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਮੀਂਹ ਕਾਰਨ ਪਾਣੀ ਖੜ੍ਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਐੱਸਡੀਐੱਮ ਓਜਸਵੀ ਅਲੰਕਾਰ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹਲਕੇ ਦੇ ਕਈ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਆ ਗਿਆ ਸੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਪੁਲ ਪੁਖਤਾ, ਫਿਰੋਜ਼ ਰੱਲੀਆਂ, ਨੱਥੂਪੁਰ, ਤਲਵੰਡੀ ਡਡਿਆਣਾ, ਪੱਤੀ ਮੀਰਾਪੁਰ, ਬਹਾਦਰਪੁਰ ਦਾ ਦੌਰਾ ਕਰਨ ਦਾ ਮਕਸਦ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਕੇ ਪਾਣੀ ਦਾ ਨਿਕਾਸ ਕੀਤਾ ਜਾਵੇ।
ਸਰਕਾਰ ਕਰ ਰਹੀ ਪੁਖਤਾ ਪ੍ਰਬੰਧ : ਉਨ੍ਹਾਂ ਕਿਹਾ ਕਿ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਸਰਵੇਖਣ ਕੀਤਾ ਗਿਆ ਹੈ ਅਤੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕੀਤੀ ਜਾਵੇ ਅਤੇ ਨਾ ਹੀ ਘਬਰਾਹਟ ਵਿੱਚ ਆਉਣ ਦੀ ਲੋੜ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਫਲੱਡ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਵੀ ਗੱਲ ਕਹੀ ਗਈ ਹੈ।