ਹੁਸ਼ਿਆਰਪੁਰ: ਪਿੰਡ ਨੀਲਾ ਨਲੋਆ ਦੇ 70 ਸਾਲਾ ਅਗਾਂਹਵਧੂ ਕਿਸਾਨ ਤਰਸੇਮ ਸਿੰਘ ਆਪਣੀ ਅਗਾਂਹਵਧੂ ਸੋਚ ਸਦਕਾ ਰਸਾਇਣ ਮੁਕਤ ਖੇਤੀ ਕਰਕੇ ਉੱਨਤ ਖੇਤੀ ਵੱਲ ਕਦਮ ਵਧਾ ਰਹੇ ਹਨ। ਤਰਸੇਮ ਸਿੰਘ ਵੱਲੋਂ ਤਿਆਰ ਕੀਤੀ ਗਈ ਫਲੇਵਰਡ ਗੁੜ ਕੈਂਡੀ ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ 'ਚ ਵੀ ਕਾਫੀ ਮਸ਼ਹੂਰ ਹੈ। ਇਸ ਅਗਾਂਹਵਧੂ ਕਿਸਾਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗਣਤੰਤਰ ਦਿਵਸ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਕੋਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਮੌਜੂਦਾ ਸਮੇਂ 'ਚ ਰਸਾਇਣ ਮੁਕਤ ਖੇਤੀ ਦੇ ਨਾਲ-ਨਾਲ ਬਦਲਵੀਂ ਖੇਤੀ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਸਾਇਣ ਮੁਕਤ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਤ ਕਰਨ ਲਈ ਸ਼ਹਿਰ ਦੇ ਰੌਸ਼ਨ ਗਰਾਊਂਡ 'ਚ 'ਸੇਫ ਫੂਡ ਮੰਡੀ' ਲਗਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਚੱਕਰ ਚੋਂ ਨਿਕਲ ਕੇ ਬਦਲਵੀਂ ਖੇਤੀ ਕਰਨ ਅਤੇ ਵੱਧ ਤੋਂ ਵੱਧ ਸਹਾਇਕ ਧੰਦੇ ਅਪਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਉਹ ਲੋਕਾਂ ਨੂੰ ਜ਼ਹਿਰ ਮੁਕਤ ਖਾਣਾ ਖਵਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਨੇ ਜੈਵਿਕ ਖੇਤੀ ਕੀਤੀ।