ਹੁਸ਼ਿਆਰਪੁਰ: ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਬੁੱਧਵਾਰ ਨੂੰ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਵਿੱਚ ਭਾਰਤੀ ਫੌਜ ਦਾ ਜੇਸੀਓ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਿਆ। ਉਹ ਪੰਜਾਬ ਦੇ ਮੁਕੇਰੀਆਂ ਇਲਾਕੇ ਦੇ ਪਿੰਡ ਕਲੀਚਪੁਰ ਕਲੋਤਾ ਦਾ ਵਸਨੀਕ ਸੀ।
ਪਾਕਿ ਗੋਲੀਬਾਰੀ 'ਚ ਪੰਜਾਬ ਦਾ ਜਵਾਨ ਰਾਜੇਸ਼ ਕੁਮਾਰ ਹੋਇਆ ਸ਼ਹੀਦ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਗੋਲੀਬਾਰੀ ਵਿੱਚ ਜੇਸੀਓ ਗੰਭੀਰ ਜ਼ਖ਼ਮੀ ਹੋ ਗਿਆ, ਜੋ ਬਾਅਦ ਵਿੱਚ ਸ਼ਹੀਦ ਹੋ ਗਿਆ। ਭਾਰਤ ਦੀ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੇ ਫੌਜੀ ਵੀ ਜ਼ਖ਼ਮੀ ਹੋਏ ਹਨ ਪਰ ਇਸ ਦੀ ਹਾਲੇ ਪੁਸ਼ਟੀ ਨਹੀਂ ਹੋ ਸਕੀ।
ਮੁਕੇਰੀਆਂ ਦੇ ਪਿੰਡ ਕਲੀਚਪੁਰ ਕਲੋਤਾ ਦੇ ਸੂਬੇਦਾਰ ਰਾਜੇਸ਼ ਕੁਮਾਰ ਪੁੱਤਰ ਰਾਮ ਚੰਦ, ਜੋ ਰਾਜੌਰੀ (ਜੰਮੂ-ਕਸ਼ਮੀਰ) ਵਿਖੇ ਡਿਊਟੀ 'ਤੇ ਤਾਇਨਾਤ ਸੀ, ਦੇ ਪਾਕਿਸਤਾਨੀ ਫ਼ੌਜ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸ਼ਹੀਦ ਹੋਣ ਕਾਰਨ ਇਲਾਕੇ ਵਿੱਚ ਸੋਗ ਫੈਲ ਗਿਆ ਹੈ। ਫ਼ੌਜ ਵੱਲੋਂ ਰਾਜੇਸ਼ ਕੁਮਾਰ ਦੀ ਦੇਹ ਪਿੰਡ ਕਲੀਚਪੁਰ ਕਲੋਤਾ ਲਈ ਰਵਾਨਾ ਕਰ ਦਿੱਤੀ ਗਈ ਹੈ। ਕੁੱਲ੍ਹ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਸ਼ਹੀਦ ਰਾਜੇਸ਼ ਕੁਮਾਰ ਆਪਣੇ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਕੇ ਚਲਾ ਗਿਆ।
ਉੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਹੋਏ ਸੂਬੇਦਾਰ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।