ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਹੁਸ਼ਿਆਰਪੁਰ ਦੇ ਬਲਾਕ ਦਸੂਹਾ ਅਧੀਨ ਪੈਂਦੇ ਪਿੰਡ ਮਹੱਦੀਪੁਰ ਦੇ ਕਿਸਾਨ ਜਗਤਾਰ ਸਿੰਘ ਅਤੇ ਉਸ ਦੇ ਪੁੱਤਰ ਕਿਰਪਾਲ ਸਿੰਘ ਜੋ ਬੀਤੇ ਦਿਨ ਕੇਂਦਰ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਕੀਤੇ ਵਾਅਦਿਆਂ ਦੇ ਖਿਲਾਫ ਅਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ, ਦੇ ਗ੍ਰਹਿ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਅਤੇ ਬਲਵਿੰਦਰ ਸਿੰਘ ਭੂੰਦੜ ਪਹੁੰਚੇ ਤੇ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਏ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਉਤੇ ਵਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਬਣਾਉਣ ਲੱਗਿਆਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਜੋ ਅੱਜ ਤੱਕ ਵੀ ਪੁਰੇ ਨਹੀਂ ਕੀਤੇ ਗਏ । ਜਿਸ ਕਰਕੇ ਕਿਸਾਨ ਦਿਨ ਪ੍ਰਤੀ ਦਿਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹੈ।