ਨਵਾਂਸ਼ਹਿਰ: ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਕਰਜ਼ੇ ਦੀ ਮਾਰ ਥੱਲੇ ਅਕਸਰ ਨੌਜਵਾਨ ਅਤੇ ਬਜ਼ੁਰਗ ਖੁਦਕੁਸ਼ੀਆਂ ਕਰ ਰਹੇ ਹਨ ਅਤੇ ਤਮਾਮ ਸਰਕਾਰਾਂ ਆਈਆਂ ਗਈਆਂ ਪਰ ਇਸ ਖੁਦਕੁਸ਼ੀਆਂ ਦੇ ਮਸਲੇ ਦਾ ਹੱਲ ਨਹੀਂ ਹੋ ਸਕਿਆ। ਇਸ ਦੌਰਾਨ ਇੱਕ ਹੋਰ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਜਦੋਂ ਅੱਜ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਉੱਤੇ ਨਹਿਰ ਦੇ ਨਜ਼ਦੀਕ ਇੱਕ ਵਿਅਕਤੀ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਹੋਈ ਹੈ।
ਲਾਸ਼ ਦੀ ਹੋਈ ਸ਼ਨਾਖ਼ਤ:ਨਹਿਰ ਦੇ ਨਾਲ ਲੱਗਦੇ ਗੰਨੇ ਦੇ ਖੇਤਾਂ ਵਿੱਚ ਕੰਮ ਕਰਨ ਆਏ ਦਿਲਾਵਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਦਰੱਖਤ ਨਾਲ ਲਟਕਦੀ ਹੋਈ ਲਾਸ਼ ਦੇਖੀ ਤਾਂ ਉਨ੍ਹਾਂ ਪੁਲਿਸ ਨੇ ਸੁਚਿਤ ਕੀਤਾ। ਥਾਣਾ ਗੜ੍ਹਸ਼ੰਕਰ ਤੋਂ ਏ ਐਸ ਆਈ ਸੁਖਵਿੰਦਰ ਸਿੰਘ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈਕੇ ਮੌਕੇ ਉੱਤੇ ਪੁੱਜੇ ਤਾਂ ਲਾਸ਼ ਕਬਜ਼ੇ ਵਿਚ ਲੈਕੇ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਵਿਅਕਤੀ ਦੀ ਪਹਿਚਾਣ ਮਨਜੀਤ ਕੁਮਾਰ ਪੁੱਤਰ ਸਤਪਾਲ ਵਾਸੀ ਪਿੰਡ ਬੋੜਾ ਵਜੋਂ ਹੋਈ ਹੈ। ਇਸ ਸਬੰਧੀ ਪੁਲਿਸ ਵਲੋਂ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਏ ਐਸ ਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜੇ ਵਿੱਚ ਲੈਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਖੁਦਕੁਸ਼ੀ ਦੇ ਕਾਰਨਾਂ ਦਾ ਨਹੀਂ ਪਤਾ: ਪੁਲਿਸ ਦਾ ਕਹਿਣਾ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕਿਸ ਵਜ੍ਹਾ ਕਰਕੇ ਕੀਤੀ ਇਸਦਾ ਕੁੱਝ ਵੀ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਹਿਲੀ ਨਜ਼ਰ ਤੋਂ ਇਹ ਖੁਦਕੁਸ਼ੀ ਲੱਗ ਰਹੀ ਹੈ ਪਰ ਫਿਰ ਵੀ ਗੰਭੀਰਤਾ ਨਾਲ ਜਾਂਚ ਕਰਕੇ ਇਹ ਪਤਾ ਕਰਨ ਦੀ ਜ਼ਰੂਰ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਸੱਚਮੁੱਛ ਖੁਦਕੁਸ਼ੀ ਹੈ ਜਾਂ ਫਿਰ ਕਿਸੇ ਨੇ ਸਾਜ਼ਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦਿੱਤਾ ਹੈ।