ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਤਲਵਾੜਾ ਵਿਖੇ ਤਾਇਨਾਤ (Inspector Kewal Krishna) ਇੰਸਪੈਕਟਰ ਕੇਵਲ ਕ੍ਰਿਸ਼ਨ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਅਫਸਰ ਨੂੰ ਜਗਪਾਲ ਸਿੰਘ ਵਾਸੀ ਪਿੰਡ ਰਾਮ ਨੰਗਲ, ਤਹਿਸੀਲ ਮੁਕੇਰੀਆਂ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤ ਮਗਰੋਂ ਕੀਤੀ ਗਈ ਕਾਰਵਾਈ:ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਕਤ ਇੰਸਪੈਕਟਰ, ਉਸ ਦੇ ਭਰਾ ਨਾਲ ਝਗੜੇ ਸਬੰਧੀ ਥਾਣਾ ਸਦਰ ਵਿਖੇ ਦਰਜ ਕਰਾਸ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ ਉਸ ਤੋਂ 40,000 ਰੁਪਏ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਭ੍ਰਿਸ਼ਟਾਚਾਰ ਦੀ ਇਸ ਕਾਰਵਾਈ ਅੱਗੇ ਨਾ ਝੁਕਣ ਵਾਲੇ ਸ਼ਖ਼ਸ ਨੇ ਸ਼ਿਕਾਇਤ ਨੂੰ ਲੈਕੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਤੱਕ ਪਹੁੰਚ ਕਰਨ ਦਾ ਫੈਸਲਾ ਕੀਤਾ।
ਜਾਲ ਵਿਛਾ ਕੇ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ: ਇਸ ਸਬੰਧੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੁਲਿਸ ਇੰਸਪੈਕਟਰ (Accused Police Inspector) ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਪੁਲਿਸ ਮੁਲਾਜ਼ਮ ਖਿਲਾਫ਼ ਥਾਣਾ ਵਿਜੀਲੈਂਸ ਰੇਂਜ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Anti corruption Act) ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਮਾਮਲੇ ਵਿੱਚ ਅਗਲੇਰੀ ਕਾਰਵਾਈ ਜਾਰੀ ਹੈ।
ਦੱਸ ਦਈਏ ਵਿਜੀਲੈਂਸ ਵੱਲੋਂ ਜਾਲ ਵਿਛਾ ਕੇ ਗ੍ਰਿਫ਼ਤਾਰ ਕੀਤਾ ਗਿਆ ਇਹ ਕੋਈ ਪਹਿਲਾ ਪੁਲਿਸ ਅਫਸਰ ਨਹੀਂ ਹੈ। ਬੀਤੇ ਦਿਨੀ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ (Sub-inspector Caught Taking Bribe) ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ ਤਹਿਸੀਲ ਪਾਇਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ।