ਹੁਸ਼ਿਆਰਪੁਰ: ਸੂਬੇ 'ਚ ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਆਪਣੇ ਬਿਆਨਾਂ ਦੌਰਾਨ ਉਨ੍ਹਾਂ ਨੇ ਸ਼ਰਾਬ ਮਾਮਲੇ ਨੂੰ ਲੈ ਸੂਬਾ ਸਰਕਾਰ 'ਤੇ ਕਈ ਨਿਸ਼ਾਨੇ ਵਿੰਨ੍ਹੇ। ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਨਾਜਾਇਜ਼ ਅਤੇ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਸਰਕਾਰ ਨੇ ਵੱਡੇ-ਵੱਡੇ ਦਾਅਵੇ ਕੀਤੇ ਹਨ ਅਤੇ ਦੋਸ਼ੀਆਂ ਉੱਤੇ ਐਫਆਈਆਰ ਦਰਜ ਕਰਨ ਦੀ ਗੱਲ ਵੀ ਕੀਤੀ ਹੈ ਪਰ ਜਦੋਂ ਈਡੀ ਵੱਲੋਂ ਇਨ੍ਹਾਂ ਮੁਲਜ਼ਮਾਂ ਸਬੰਧੀ ਵਧੇਰੇ ਜਾਣਕਾਰੀ ਬੈਂਕ ਅਤੇ ਕਾਲ ਰਿਕਾਰਡ ਆਦਿ ਮੰਗੇ ਜਾਂਦੇ ਹਨ ਤਾਂ ਸਰਕਾਰ ਹੱਥ ਪਿੱਛੇ ਖਿੱਚ ਲੈਂਦੀ ਹੈ।
ਵਿਜੇ ਸਾਂਪਲਾ ਨੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਸਾਰੇ ਘੁਟਾਲਿਆਂ 'ਚ ਸ਼ਾਮਲ ਆਪਣੇ ਮੰਤਰੀਆਂ ਅਤੇ ਆਗੂਆਂ ਨੂੰ ਬਚਾਉਣ ਦੀ ਕੋਈ ਕਸਰ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਖ਼ੂਬੀ ਜਾਂਦੇ ਹਨ ਕਿ ਇਨ੍ਹਾਂ ਸਾਰੇ ਘਪਲਿਆਂ 'ਚ ਸਰਾਕਰ ਦੇ ਨੁਮਾਇੰਦੇ ਹੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਅਤੇ ਆਬਕਾਰੀ ਵਿਭਾਗ ਬਹੁ ਕਰੋੜੀ ਸ਼ਰਾਬ ਘੋਟਾਲੇ 'ਚ ਸ਼ਾਮਲ ਸ਼ਰਾਬ ਮਾਫੀਆ ਅਤੇ ਕਾਂਗਰਸ ਦੇ ਵੱਡੇ ਅਧਿਕਾਰੀਆਂ ਨੂੰ ਬਚਾਉਣ ਦੀਆਂ ਹਰ ਸੰਭਵ ਕੋਸ਼ਿਸ਼ਾਂ ਕਰ ਰਹੀ ਹੈ।