ਗੜ੍ਹਸ਼ੰਕਰ: ਪੰਜਾਬ ਤੋਂ ਨੌਜਵਾਨ ਵਿਦੇਸ਼ਾਂ 'ਚ ਜਾਂਦੇ ਤਾਂ ਆਪਣੇ ਚੰਗੇ ਭਵਿੱਖ ਲਈ ਹਨ ਪਰ ਉਥੇ ਕਿਸੇ ਅਣਹੋਣੀ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਘਟਨਾ ਇਟਲੀ ਤੋਂ ਸਾਹਮਣੇ ਆਈ ਹੈ, ਜਿਥੇ ਇਟਲੀ ਦੇ ਵੈਰੋਨਾ ਨੇੜਲੇ ਸ਼ਹਿਰ ਨੋਗਾਰਾ 'ਚ ਸੜਕ ਹਾਦਸੇ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਪਾਲਦੀ ਨਾਲ ਸਬੰਧਿਤ 23 ਸਾਲਾ ਨੌਜਵਾਨ ਦਲਵੀਰ ਸਿੰਘ ਦੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਸਾਰ ਹੀ ਪੂਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ:ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਲਵੀਰ ਸਿੰਘ ਕਰੀਬ 6 ਸਾਲ ਪਹਿਲਾਂ ਹੀ ਆਪਣੇ ਚੰਗੇ ਭਵਿੱਖ ਲਈ ਇਟਲੀ ਦੀ ਧਰਤੀ 'ਤੇ ਗਿਆ ਸੀ ਤੇ ਉਹ ਉਥੇ ਆਪਣੇ ਪਿਤਾ ਕੋਲ ਰਹਿ ਰਿਹਾ ਸੀ। ਇਸ ਦੌਰਾਨ ਜਦੋਂ ਉਹ ਆਪਣੇ ਕੰਮ 'ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਕਾਰ ਦੀ ਟਰੈਕਟਰ ਨਾਲ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਮ੍ਰਿਤਕ ਨੌਜਵਾਨ ਨੇ ਅਗਲੇ ਮਹੀਨੇ ਆਪਣੇ ਪਿੰਡ ਆਉਣਾ ਸੀ।