ਜਲੰਧਰ:ਸ਼ਨੀਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਬਾਣੀ ਅਧਿਅਨ ਕੇਂਦਰ ਦਾ ਉਦਘਾਟਨ ਕਰਨ ਉਪਰੰਤ ਆਪਣੇ ਸੰਬੋਧਨ 'ਚ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਕੁਝ ਲੋਕਾਂ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸੀਂ ਇਸ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦੇਵਾਂਗੇ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਕਈ ਵਾਰ ਸਖ਼ਤ ਫ਼ੈਸਲੇ ਲੈਣੇ ਪੈਂਦੇ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸਖ਼ਤ ਫ਼ੈਸਲੇ ਲੈਣ ਦੇ ਸਮਰੱਥ ਹੈ।
ਇਹ ਵੀ ਪੜ੍ਹੋ:Dera Sachkhand Ballan: CM ਭਗਵੰਤ ਮਾਨ ਨੇ 'ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਲਈ ਸੌਪਿਆ 25 ਕਰੋੜ ਰੁਪਏ ਦਾ ਚੈੱਕ
'ਪੰਜਾਬ ਦੀ ਫਿਰਕੂ ਸਦਭਾਵਨਾ ਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਡਰ ਦੇ ਮਾਰੇ ਭੱਜੇ':ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਥਿਤੀ ਨੂੰ ਬਹੁਤ ਵਧੀਆ ਢੰਗ ਨਾਲ ਸੰਭਾਲਿਆ ਅਤੇ ਇੱਕ ਵੀ ਗੋਲੀ ਚਲਾਈ ਜਾਂ ਕੋਈ ਖੂਨ ਵਹਾਏ ਬਿਨਾਂ ਪੂਰੀ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅੱਜ ਡਰ ਦੇ ਮਾਰੇ ਭੱਜ ਰਹੇ ਹਨ।
'ਗੈਂਗਸਟਰਾਂ, ਮਾਫੀਆ ਤੇ ਅਪਰਾਧੀਆਂ ਨਾਲ ਜੁੜੇ ਹੋਏ ਸਨ ਪਿਛਲੀਆਂ ਸਰਕਾਰਾਂ ਦੇ ਵਿਧਾਇਕ ਤੇ ਮੰਤਰੀ':ਉਨ੍ਹਾਂ ਨੇ ਅੱਗੇ ਕਿਹਾ ਕਿ ਵਾਤਾਵਰਣ ਨੂੰ ਖਰਾਬ ਕਰਨ ਵਾਲੇ ਜਾਂ ਨਸ਼ੇ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜਦੋਂ 3 ਕਰੋੜ ਪੰਜਾਬੀ ਸਰਕਾਰ ਦੇ ਨਾਲ ਹੋਣਗੇ ਤਾਂ ਕਿਸੇ ਵੀ ਨਸ਼ਾ ਤਸਕਰੀ ਦੀ ਹਿੰਮਤ ਨਹੀਂ ਹੋਵੇਗੀ ਕਿ ਉਹ ਨਸ਼ਾ ਵੇਚ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਉਨ੍ਹਾਂ ਦੇ ਵਿਧਾਇਕ ਅਤੇ ਮੰਤਰੀ ਗੈਂਗਸਟਰਾਂ, ਮਾਫੀਆ ਅਤੇ ਅਪਰਾਧੀਆਂ ਨਾਲ ਜੁੜੇ ਹੋਏ ਸਨ। ਪਰ 'ਆਪ' ਸਰਕਾਰ ਦੀ ਕਿਸੇ ਨਾਲ ਅਜਿਹੀ ਸੈਟਿੰਗ ਨਹੀਂ ਹੈ, ਜਿਸ ਕਰਕੇ ਅੱਜ ਗੈਂਗਸਟਰਾਂ ਅਤੇ ਮਾਫੀਆ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਕੇਜਰੀਵਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਰਾਹੀਂ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਨੂੰ ਪੰਜਾਬ ਅਤੇ ਪੂਰੀ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ 'ਤੇ ਰਿਸਚਰ ਅਤੇ ਖੋਜ ਕੀਤੀ ਜਾਵੇਗੀ। ਮੈਂ ਆਪਣੇ ਆਪ ਨੂੰ ਬਹੁਤ ਭਾਗਸ਼ਾਲੀ ਸਮਝਦਾ ਹਾਂ ਕਿ ਮੈਨੂੰ ਅਜਿਹੇ ਮਹਾਨ ਅਤੇ ਪੁੰਨ ਦੇ ਕਾਰਜ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ।
'ਬਾਬਾ ਸਾਹਿਬ ਅੰਬੇਡਕਰ ਨੇ ਆਪਣੇ ਜੀਵਨ ਵਿੱਚ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ': ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣੇ ਜੀਵਨ ਵਿੱਚ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ। ਬਾਬਾ ਸਾਹਿਬ ਨੇ ਇੱਕ ਪੀਐਚਡੀ ਦੀ ਡਿਗਰੀ ਅਮਰੀਕਾ ਤੋਂ ਕੀਤੀ ਅਤੇ ਦੂਜੀ ਲੰਡਨ ਤੋਂ। ਉਨ੍ਹਾਂ ਨੇ ਸਾਡੇ ਦੇਸ਼ ਦਾ ਸੰਵਿਧਾਨ ਲਿਖਿਆ ਅਤੇ ਅੱਜ ਪੂਰੀ ਦੁਨੀਆ ਉਸ ਸੰਵਿਧਾਨ ਨੂੰ ਸਵੀਕਾਰ ਕਰਦੀ ਹੈ।
'ਪਹਿਲੀਆਂ ਸਾਰੀਆਂ ਸਰਕਾਰਾਂ ਨੇ ਤੁਹਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦਾ ਕੰਮ ਨਹੀਂ ਕੀਤਾ':ਸਾਡੇ ਤੋਂ ਪਹਿਲਾਂ ਆਈਆਂ ਸਾਰੀਆਂ ਸਰਕਾਰਾਂ ਨੇ ਤੁਹਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦਾ ਕੰਮ ਨਹੀਂ ਕੀਤਾ ਅਤੇ ਨਾ ਹੀ ਸਕੂਲ ਬਣਾਉਣ ਦਾ ਕੰਮ ਕਿਸੇ ਸਰਕਾਰ ਨੇ ਕੀਤਾ। ਦਿੱਲੀ ਵਿੱਚ ਅਸੀਂ ਸਾਰੇ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਹੈ, ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਬਣਾਇਆ ਹੈ। ਹੁਣ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ ਡਾਕਟਰ, ਵਕੀਲ ਅਤੇ ਇੰਜੀਨੀਅਰ ਬਣ ਰਹੇ ਹਨ। ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਵਿੱਚ ਵੀ ਸੀਐਮ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਅਗਲੇ ਪੰਜ ਸਾਲਾਂ ਤੱਕ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਕਾਇਆ ਕਲਪ ਕਰਨਗੇ।
ਇਹ ਵੀ ਪੜ੍ਹੋ:Delhi Free Bijli Subsidy: LG 'ਤੇ ਅਰਵਿੰਦ ਕੇਜਰੀਵਾਲ ਨੇ ਕਸਿਆ ਤੰਜ ਕਿਹਾ- 'ਫਿਰ ਨਾ ਕਹਿਣਾ ਮਰਿਆਦਾ ਦਾ ਨਹੀਂ ਰੱਖਿਆ ਖ਼ਿਆਲ'
'ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਆਲੀਸ਼ਾਨ ਬਣਾਇਆ': ਸਿਹਤ ਵਿਵਸਥਾ 'ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਬਹੁਤ ਆਲੀਸ਼ਾਨ ਬਣਾ ਦਿੱਤਾ ਹੈ। ਇੱਥੇ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹਨ। ਮਾਨ ਸਾਹਬ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਸੁਧਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਦਿੱਲੀ ਵਿੱਚ ਅਸੀਂ ਹਰ ਗਲੀ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਹਨ। ਮੈਂ 5 ਸਾਲਾਂ ਵਿੱਚ ਦਿੱਲੀ ਵਿੱਚ 550 ਮੁਹੱਲਾ ਕਲੀਨਿਕ ਖੋਲ੍ਹੇ। ਮਾਨ ਸਾਹਿਬ ਨੇ ਸਿਰਫ਼ ਇੱਕ ਸਾਲ ਵਿੱਚ ਪੰਜਾਬ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਹਨ।
'ਤਿੰਨ ਕਰੋੜ ਲੋਕ ਸਰਕਾਰ ਨਾਲ ਹੱਥ ਮਿਲਾ ਲੈਣਗੇ ਤਾਂ ਕਿਸੇ ਦੀ ਵੀ ਨਸ਼ਾ ਵੇਚਣ ਦੀ ਹਿੰਮਤ ਨਹੀਂ ਹੋਵੇਗੀ':ਨਸ਼ੇ ਦੇ ਸੌਦਾਗਰਾਂ 'ਤੇ ਉਨ੍ਹਾਂ ਕਿਹਾ ਕਿ ਜਦੋਂ ਤਿੰਨ ਕਰੋੜ ਲੋਕ ਸਰਕਾਰ ਨਾਲ ਹੱਥ ਮਿਲਾ ਲੈਣਗੇ ਤਾਂ ਕਿਸੇ ਦੀ ਵੀ ਨਸ਼ਾ ਵੇਚਣ ਦੀ ਹਿੰਮਤ ਨਹੀਂ ਹੋਵੇਗੀ, ਸਾਰੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ 'ਚ ਡੱਕਿਆ ਜਾਵੇਗਾ। ਆਮ ਆਦਮੀ ਪਾਰਟੀ ਦੀ ਕਿਸੇ ਨਾਲ ਕੋਈ ਸਾਂਝ ਨਹੀਂ ਹੈ, ਇਸੇ ਕਰਕੇ ਪਿਛਲੇ ਇੱਕ ਸਾਲ ਤੋਂ ਸਾਰੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਪੰਜਾਬ ਹੌਲੀ-ਹੌਲੀ ਲੀਹ 'ਤੇ ਆ ਰਿਹਾ ਹੈ। (ਪ੍ਰੈਸ ਨੋਟ)