ਜਲੰਧਰ: ਪੰਜਾਬ ਵਿਚ ਰਸਮੀ ਤੌਰ ‘ਤੇ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ। ਜਲੰਧਰ ਵਿੱਚ ਕੈਬਨਿਟ ਮੰਤਰੀ ਪਰਗਟ ਸਿੰਘ (Pargat Singh) ਨੇ ਇਸ ਦੀ ਸ਼ੁਰੂਆਤ ਕੀਤੀ ਅਤੇ ਦਾਣਾ ਮੰਡੀ ਵਿਖੇ ਜਾ ਕੇ ਖੁਦ ਇਸ ਦੀ ਖਰੀਦ ਦਾ ਪੂਰਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਸਲੇ ਨੂੰ ਲੈ ਕੇ ਮਿਲੇ ਸੀ ਅਤੇ ਹੁਣ ਇਸਦੀ ਖਰੀਦ ਸ਼ੁਰੂ ਹੋ ਚੁੱਕੀ ਹੈ। ਇਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਵੀ ਧੰਨਵਾਦ ਕੀਤਾ।
ਉੱਧਰ ਇੱਕ ਸਰਕਾਰੀ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਬੇਟੇ ਦੇ ਸ਼ਾਮਿਲ ਹੋਣ ਬਾਰੇ ਉਨ੍ਹਾਂ ਕਿਹਾ ਕਿ ਇਹ ਕੋਈ ਐਸਾ ਵੱਡਾ ਮਸਲਾ ਨਹੀਂ ਹੈ ਅਚਾਨਕ ਕਿਸੇ ਨੂੰ ਮਿਲਣ ਜਾਣ ‘ਤੇ ਇਹ ਤਸਵੀਰ ਖਿੱਚੀ ਗਈ ਹੈ ਜਿਸ ਨੂੰ ਤੂਲ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਿੱਧੂ ਦੇ ਟਵੀਟ ਬਾਰੇ ਉਨ੍ਹਾਂ ਨੇ ਕਿਹਾ ਕਿ ਇਸ ਬਾਰੇ ਹਾਈ ਕਮਾਨ ਨੇ ਇੱਕ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ ਜਿਸ ਵਿੱਚ ਖੁਦ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channi) ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ ਜਲਦੀ ਨਿਕਲ ਜਾਏਗਾ।