ਜਲੰਧਰ: ਦੇਸ਼ਭਰ 'ਚ 73ਵਾਂ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਕੈਪਟਨ ਨੇ ਸੂਬੇ ਦੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਸੰਬੋਧਨ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ 'ਚ ਲਹਿਰਾਇਆ ਤਿਰੰਗਾ - ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।
ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਸ਼ਾਨਦਾਰ ਪਰੇਡ ਅਤੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਦੇ ਨਾਲ ਵੱਖ-ਵੱਖ ਪ੍ਰਦਰਸ਼ਨੀਆਂ ਦੇ ਨਜ਼ਾਰੇ ਪੇਸ਼ ਕੀਤੇ ਗਏ। ਇਸ ਸਮਾਰੋਹ ਵਿੱਚ ਸਕੂਲਾਂ ਅਤੇ ਕਾਲਜਾਂ ਦੇ ਕਰੀਬ 2500 ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਭਾਸ਼ਣ 'ਚ ਦੁਨੀਆਂ ਭਰ ਵਿੱਚ ਰਹਿ ਰਹੇ ਪੰਜਾਬੀ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਅਤੇ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਕੈਪਟਨ ਨੇ ਸੂਬੇ ਦੇ ਵਿਕਾਸ ਕਾਰਜਾਂ ਬਾਰੇ ਸੰਬੋਧਨ ਕਰਦੇ ਹੋਏ ਪੰਜਾਬ 'ਚ ਨਸ਼ੇ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਗੁਜ਼ਾਰੀ ਦਾ ਵੀ ਜ਼ਿਕਰ ਕੀਤਾ। ਇਸ ਦੇ ਨਾਲ ਹੀ ਕੈਪਟਨ ਨੇ ਲੋਕਾਂ ਨੂੰ ਬੂਟੇ ਲਗਾਉਣ ਦੀ ਵੀ ਅਪੀਲ ਕੀਤੀ।
ਆਜ਼ਾਦੀ ਦਿਹਾੜੇ ਦੇ ਸਮਾਰੋਹ ਲਈ ਜਲੰਧਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਗ੍ਹਾ-ਜਗ੍ਹਾ 'ਤੇ ਪੁਲਿਸ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਆਮ ਲੋਕਾਂ ਨੂੰ ਇਸ ਦਿਹਾੜੇ 'ਤੇ ਕਿਸੇ ਵੀ ਤਰੀਕੇ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਕਈ ਰੂਟ ਵੀ ਬਦਲੇ ਗਏ ਹਨ।