ਜਲੰਧਰ: ਪੰਜਾਬ ਤੇ ਹਰਿਆਣਾ ਵਿੱਚ ਬੰਦ ਦਾ ਅਸਰ ਸਭ ਤੋਂ ਵੱਧ ਦੇਖਣ ਨੂੰ ਮਿਲਿਆ। ਕਿਸਾਨ ਜਥੇਬੰਦੀਆਂ ਵੱਲੋਂ ਪੀਏਪੀ ਚੌਕ, ਫਿਲੌਰ ਅਤੇ ਜਲੰਧਰ ਪਠਾਨਕੋਟ ਰੋਡ ਤੇ ਕਿਸ਼ਨਗੜ੍ਹ ਵਿਖੇ ਰਸਤਾ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਲੰਧਰ ਪਠਾਨਕੋਟ ਰੋਡ 'ਤੇ ਕਿਸ਼ਨਗੜ੍ਹ ਵਿਖੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਜਥੇਬੰਦੀਆਂ ਵੱਲੋਂ ਸੜਕ ਉੱਪਰ ਬੈਰੀਕੇਡ ਲਗਾ ਕੇ ਇਸ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰ ਦਿੱਤਾ। ਜ਼ਿਲ੍ਹੇ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਜਲੰਧਰ ਵਿੱਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਨੇ ਕੀਤਾ ਚੱਕਾ ਜਾਮ
ਕੇਂਦਰ ਦੇ ਖੇਤੀ ਕਾਨੂੰਨਾਂ 'ਤੇ ਦੇਸ਼ ਭਰ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਕਿਸਾਨਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਚੱਕਾ ਜਾਮ ਕੀਤਾ ਗਿਆ। ਸਟੇਟ ਤੇ ਨੈਸ਼ਨਲ ਹਾਈਵੇਅ ਬੰਦ ਹੋਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਜਲੰਧਰ ਵਿਖੇ ਕਿਸਾਨਾਂ ਨੇ ਵੱਖ-ਵੱਖ ਥਾਵਾਂ 'ਤੇ ਜਾਮ ਲਗਾ ਕੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਰੋਸ ਜ਼ਾਹਿਰ ਕੀਤਾ।
ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰ ਸੁਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਕਾਨੂੰਨ ਬਣਾਇਆ ਗਿਆ ਹੈ ਉਸ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ ਅਤੇ ਜੇ ਹੁਣ ਵੀ ਕੇਂਦਰ ਸਰਕਾਰ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ ਤਾਂ ਇਨ੍ਹਾਂ ਦਾ ਅਗਲਾ ਸੰਘਰਸ਼ ਦਿੱਲੀ ਵਿਖੇ ਹੋਵੇਗਾ।
ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਉਦੋਂ ਤੱਕ ਚੁੱਪ ਨਹੀਂ ਬੈਠਣਗੇ ਜਦੋਂ ਤੱਕ ਸਰਕਾਰ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦੀ। ਜਿੱਥੇ ਤੱਕ ਰੇਲ ਮੰਤਰਾਲੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਮਾਲ ਗੱਡੀਆਂ ਨੂੰ ਰੋਕਿਆ ਗਿਆ ਹੈ, ਕਿਸਾਨਾਂ ਦਾ ਕਹਿਣਾ ਹੈ ਕਿ ਅਜਿਹਾ ਕੁਝ ਨਹੀਂ ਹੈ ਅਤੇ ਮਾਲ ਗੱਡੀਆਂ 'ਤੇ ਕੋਈ ਰੋਕ ਨਹੀਂ ਲਗਾਈ ਗਈ ਹੈ। ਅਸੀਂ ਟਰੈਕ ਖਾਲੀ ਰੱਖੇ ਹੋਏ ਹਨ।