ਜਲੰਧਰ: ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਦੇ ਸੁਪਰੀਮੋ ਵੱਲੋਂ ਜਲੰਧਰ 'ਚ 'ਸਰਕਾਰ-ਸਨਅਨਕਾਰ' ਮਿਲਣੀ ਕੀਤੀ ਗਈ। ਇਸ ਮਿਲਣੀ ਦੌਰਾਨ ਸਨਅਤਕਾਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਨੂੰ ਦੱਸਿਆ ਗਿਆ ਤੇ ੳੇਨ੍ਹਾਂ ਦੇ ਹੱਲ ਦੀ ਉਮੀਦ ਕੀਤੀ।ਸਨਅਤਕਾਰਾਂ ਵੱਲੋਂ ਉਠਾਏ ਵੱਖ-ਵੱਖ ਮਸਲਿਆਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੌਕੇ ਉਤੇ ਹੀ ਕਈ ਐਲਾਨ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਸਨਅਤਕਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ।
ਮੁੱਖ ਮੰਤਰੀ ਦਾ ਧੰਨਵਾਦ: ਅਲਫ਼ਾ ਪੈਕੇਜਿੰਗ ਇੰਡਸਟਰੀ ਦੇ ਮਨੀਸ਼ ਅਰੋੜਾ ਨੇ ਮੁੱਖ ਮੰਤਰੀ ਦਾ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦਿਆਂ ਨੂੰ ਹੱਲ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੈਦਰ ਕੰਪਲੈਕਸ ਵਿੱਚ ਉਦਯੋਗਿਕ ਇਕਾਈਆਂ ਨੂੰ ਜਾਣ ਵਾਲੀ ਮੁੱਖ ਸੜਕ ਖਸਤਾ ਹਾਲਤ ਵਿੱਚ ਸੀ, ਜਿਸ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਨਾਲ ਰੋਜ਼ਾਨਾ ਆਉਣ ਵਾਲੇ ਯਾਤਰੀਆਂ ਅਤੇ ਮਜ਼ਦੂਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇੱਥੇ 350 ਦੇ ਕਰੀਬ ਬਿਜਲੀ ਦੇ ਖੰਭੇ ਹਨ ਅਤੇ ਲਾਈਟਾਂ ਲਗਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸੀਵਰੇਜ ਸਿਸਟਮ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।ਉਦਯੋਗਪਤੀ ਗੁਰਸ਼ਰਨ ਸਿੰਘ ਨੇ ਸਨਅਤਕਾਰਾਂ ਦੀਆਂ ਮੰਗਾਂ ਗੌਰ ਨਾਲ ਸੁਣਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਲੰਬਿਤ ਮਸਲਿਆਂ ਨੂੰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਕਤ ਮਸਲਿਆਂ ਦੇ ਸੁਖਾਵੇਂ ਹੱਲ ਲਈ ਜਲਦੀ ਹੀ ਉਦਯੋਗਪਤੀਆਂ ਅਤੇ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਤੈਅ ਕੀਤੀ ਜਾਵੇਗੀ।
43 ਸਾਲਾਂ ਵਿੱਚ ਪਹਿਲੀ ਮਿਲਣੀ: ਸਨਅਤਕਾਰ ਨਰਿੰਦਰ ਸਿੰਘ ਸੱਗੂ ਅਤੇ ਗੌਤਮ ਕਪੂਰ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੰਗ ਕੀਤੀ ਕਿ ਇਹ ਮੀਟਿੰਗਾਂ ਕੁਝ ਮਹੀਨਿਆਂ ਦੇ ਵਕਫੇ ਬਾਅਦ ਨਿਯਮਤ ਤੌਰ 'ਤੇ ਕਰਵਾਈਆਂ ਜਾਣ। ਗੌਤਮ ਕਪੂਰ ਨੇ ਕਿਹਾ ਕਿ ਸਨਅਤਕਾਰਾਂ ਨਾਲ ਅੱਜ ਦੀ ਮੁਲਾਕਾਤ ਪਿਛਲੇ 43 ਸਾਲਾਂ ਵਿੱਚ ਪਹਿਲੀ ਹੈ, ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਸਾਵੀ ਇੰਟਰਨੈਸ਼ਨਲ ਦੇ ਮੁਕੁਲ ਵਰਮਾ ਨੇ ਜ਼ਿਲ੍ਹੇ ਵਿੱਚ ਖੇਡਾਂ ਅਤੇ ਹੈਂਡ ਟੂਲ ਉਦਯੋਗ ਨੂੰ ਹੋਰ ਵਿਕਸਤ ਕਰਨ ਲਈ ਜ਼ਮੀਨ ਦੇ ਇੱਕ ਵੱਡੇ ਹਿੱਸੇ ਦੀ ਮੰਗ ਕੀਤੀ ਅਤੇ ਉਦਯੋਗ ਦੀਆਂ ਸਿਹਤ ਸੰਭਾਲ ਲੋੜਾਂ ਨੂੰ ਪੂਰਾ ਕਰਨ ਲਈ ਈ.ਐਸ.ਆਈ. ਹਸਪਤਾਲ ਨੂੰ ਸੁਰਜੀਤ ਕਰਨ ਦੀ ਮੰਗ ਕੀਤੀ। ਇਸ ਦੌਰਾਨ ਗੁਰਚਰਨ ਸਿੰਘ ਨੇ ਐਮ.ਐਸ.ਐਮ.ਈਜ਼ ਦੀ ਬਾਂਹ ਫੜਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਨਾਲ ਇਨ੍ਹਾਂ ਇਕਾਈਆਂ ਨੂੰ ਹੋਰ ਹੁਲਾਰਾ ਮਿਲੇਗਾ।
ਉਦਯੋਗ ਪੱਖੀ ਫੈਸਲੇ:ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਸੀ.ਈ.ਓ. ਭਵਦੀਪ ਸਰਦਾਨਾ ਨੇ ਉਦਯੋਗਾਂ ਦੀਆਂ ਬਿਲਡਿੰਗ ਪਲਾਨ ਨਾਲ ਸਬੰਧਤ ਮਨਜ਼ੂਰੀਆਂ ਨੂੰ ਮੁੜ ਫੈਕਟਰੀਜ਼ ਵਿਭਾਗ ਦੇ ਹੱਥਾਂ ਵਿੱਚ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ, ਜਿਸ ਨਾਲ ਮਨਜ਼ੂਰੀਆਂ ਲੈਣ ‘ਚ ਲਗਦਾ ਸਮਾਂ ਘੱਟ ਗਿਆ ਹੈ ਅਤੇ ਉਦਯੋਗਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਇਸਦੇ ਨਾਲ ਹੀ 57 ਸੁਧਾਰਾਂ ਦੇ ਨਾਲ ਸੁਖਾਵੇਂ ਮਾਹੌਲ ਵਿੱਚ ਕਾਰੋਬਾਰ ਕਰਨ ਦੇ ਸਮੁੱਚੇ ਨਿਯਮਾਂ ਵਿੱਚ ਵੀ ਸੁਧਾਰ ਹੋਇਆ ਹੈ। ਉਦਯੋਗਪਤੀ ਸ਼ਰਦ ਅਗਰਵਾਲ, ਜੋ ਹੈਂਡਟੂਲਜ਼ ਅਤੇ ਆਟੋ ਕੰਪੋਨੈਂਟਸ ਉਦਯੋਗ ਵਿੱਚ 200 ਕਰੋੜ ਰੁਪਏ ਦਾ ਨਿਵੇਸ਼ ਕਰ ਰਹੇ ਹਨ, ਨੇ ਵੀ ਰਾਜ ਵਿੱਚ ਨਿਵੇਸ਼ ਲਈ ਆਪਣੀ ਯੋਜਨਾ ਸਾਂਝੀ ਕੀਤੀ। ਬਾਇਓ-ਗੈਸ ਪਲਾਂਟ ਸਥਾਪਤ ਕਰਨ ਲਈ ਤੁਰੰਤ ਪ੍ਰਵਾਨਗੀਆਂ ਹਾਸਲ ਕਰਨ ਦੇ ਆਪਣੇ ਤਜ਼ਰਬੇ ਨੂੰ ਸਾਂਝਾ ਕਰਦੇ ਹੋਏ, ਗੌਰਵ ਕੈਥਵਾਲ ਨੇ ਉਦਯੋਗ ਪੱਖੀ ਪਹਿਲਕਦਮੀਆਂ ਲਈ ਰਾਜ ਸਰਕਾਰ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਦਯੋਗ ਜਗਤ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਉਦਯੋਗ ਪੱਖੀ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਚੀਨ ਤੋਂ ਅੱਗੇ ਜਾਵੇਗਾ ਪੰਜਾਬ: ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹੁੰਦੇ ਹਨ ਤੇ ਇਨ੍ਹਾਂ ਕੋਲ ਅਗਵਾਈ ਕਰਨ ਦੀ ਸਮਰੱਥਾ ਹੁੰਦੀ ਹੈ ਜਿਸ ਦਾ ਸਬੂਤ ਇਨ੍ਹਾਂ ਨੇ ਆਲਮੀ ਪੱਧਰ ਉਤੇ ਵੱਡੀਆਂ ਮੱਲਾਂ ਮਾਰ ਕੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਅਤੇ ਘਾਲਣਾ ਦਾ ਕੋਈ ਸਾਨੀ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਰੇਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਇਹ ਸਮਰੱਥਾ ਉਦਯੋਗਿਕ ਖੇਤਰ ਵਿੱਚ ਪੰਜਾਬ ਨੂੰ ਚੀਨ ਤੋਂ ਅੱਗੇ ਲਿਜਾ ਸਕਦੀ ਹੈ।
ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ : ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਸੂਬੇ ਵਿੱਚ ਸਨਅਤਕਾਰਾਂ ਨੂੰ ਦਬਾਉਂਦੀਆਂ ਸਨ ਪਰ ਮੌਜੂਦਾ ਸਰਕਾਰ ਉਦਯੋਗ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਿਲਣੀ ਰਾਹੀਂ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲੇ ਸੁਝਲਾਉਣ ਦਾ ਉਪਰਾਲਾ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਸਨਅਤਾਕਾਰਾਂ ਨੂੰ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ: ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੱਲਬਾਤ ਵੋਟਾਂ ਲੈਣ ਲਈ ਨਹੀਂ, ਸਗੋਂ ਇਹ ਭਰੋਸਾ ਦਿਵਾਉਣ ਲਈ ਹੈ ਕਿ ਅਸੀਂ ਉਦਯੋਗ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਵਿਕਾਸ ਯੋਜਨਾਬੱਧ ਤਰੀਕੇ ਨਾਲ ਹੋ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜ ਨੇ ਪਹਿਲਾਂ ਹੀ ਸੂਬੇ ਲਈ 50,000 ਕਰੋੜ ਰੁਪਏ ਦਾ ਨਿਵੇਸ਼ ਪੱਕਾ ਕਰ ਲਿਆ ਹੈ ਜਿਸ ਨਾਲ 2.86 ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ।ਇੱਕ ਸਮਾਂ ਸੀ ਜਦੋਂ ਉਦਯੋਗਪਤੀ ਲੁੱਟ ਦੇ ਡਰੋਂ ਸੂਬੇ ਨੂੰ ਛੱਡ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਇਸ ਮਿਲਣੀ ਦਾ ਉਦੇਸ਼ ਸੂਬੇ ਦੀ ਸਥਾਨਕ ਸਨਅਤ ਦਾ ਦਸ ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਪਤੀਆਂ ਦੀ ਦੂਰਅੰਦੇਸ਼ੀ ਤੇ ਬਹੁਮੁੱਲੇ ਵਿਚਾਰਾਂ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਸਹਾਇਤਾ ਮਿਲੇਗੀ ।