ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਜੇਕਰ ਕਾਂਗਰਸ ਪਾਰਟੀ ਗੁੱਟਕਾ ਸਾਹਿਬ ਦੀ ਪਵਿੱਤਰ ਸਹੁੰ ਚੁੱਕ ਕੇ ਵੀ ਕਿਸਾਨਾਂ ਦਾ ਪੂਰਨ ਕਰਜ਼ਾ ਮੁਆਫ ਕਰਨ ਦਾ ਕੋਈ ਇਰਾਦਾ ਨਹੀਂ ਸੀ ਤਾਂ ਫਿਰ ਕਾਂਗਰਸ ਪਾਰਟੀ ਪੰਜ ਸਾਲਾਂ ਤੱਕ ਕਿਸਾਨਾਂ ਦੀਆਂ ਅੱਖਾਂ ਵਿਚ ਘੱਟਾ ਕਿਉਂ ਪਾਉਂਦੀ ਰਹੀ।
ਇਥੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਖਹਿਰਾ ਦੇ ਹੱਕ 'ਚ ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਮੀਟਿੰਗ ਵਿਚ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦੇ ਮੁਤਾਬਿਕ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਕਿਸਾਨਾਂ ਦੀਆਂ ਵੋਟਾਂ ਹਾਸਲ ਕਰਨ ਲਈ ਕਾਂਗਰਸ ਨੇ ਗੁੱਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ ਸੀ। ਉਹਨਾਂ ਕਿਹਾ ਕਿ ਇਸ ਧੋਖਾਧੜੀ ਲਈ ਚੰਨੀ ਕਿਸਾਨਾਂ ਤੋਂ ਮੁਆਫ਼ੀ ਮੰਗਣ।
ਸੁਖਬੀਰ ਸਿੰਘ ਬਾਦਲ ਨੇ ਮਾਲਵਾ ਖਿੱਤੇ 'ਚ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਤਬਾਹ ਹੋਈ ਨਰਮੇ ਦੀ ਫਸਲ ਦੇ ਉਤਪਾਦਕਾਂ ਨਾਲ ਹੁਣ ਤੱਕ ਨਿਆਂ ਨਾ ਕਰਨ ਲਈ ਮੁੱਖ ਮੰਤਰੀ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਭਾਵੇਂ ਕਿਸਾਨਾਂ ਨੁੰ 40 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਪਰ ਸਰਕਾਰ ਉਹਨਾਂ ਨੂੰ 12000 ਰੁਪਏ ਪ੍ਰਤੀ ਏਕੜ ਵੀ ਰਾਹਤ ਨਹੀਂ ਦੇ ਰਹੀ ਤੇ ਮੁਆਵਜ਼ਾ 3 ਤੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਸੀਮਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਫਸਲ ਦਾ ਸਿਰਫ ਥੋੜ੍ਹਾ ਜਿਹਾ ਨੁਕਸਾਨ ਹੋਇਆ ਹੈ।