ਜਲੰਧਰ: ਲੋਕ ਸਭਾ ਹਲਕਾ ਜਲੰਧਰ ਦੀ 10 ਮਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿ੍ਰਚ ਵੋਟਾਂ ਵਾਲੇ ਦਿਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੀਵੀਪੈਟ ਮਸ਼ੀਨਾਂ ਦੀ ਪਹਿਲੀ ਰੈਂਡਮਾਈਜ਼ੇਸ਼ਨ ਕਰਵਾਈ ਗਈ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ, ਜਿਨ੍ਹਾਂ ਨੂੰ ਰੈਂਡਮਾਈਜ਼ੇਸ਼ਨ ਉਪਰੰਤ ਵਿਧਾਨ ਸਭਾ ਹਲਕਾਵਾਰ ਈ.ਵੀ.ਐਮਜ਼. ਦੇ ਨੰਬਰਾਂ ਦੀ ਤਸਦੀਕਸ਼ੁਦਾ ਸੂਚੀ ਪ੍ਰਦਾਨ ਕੀਤੀ ਗਈ।
ਮੁੱਖ ਮਕਸਦ ਵੋਟਿੰਗ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ: ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਬੰਧਨ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਦਾ ਮੁੱਖ ਮਕਸਦ ਵੋਟਿੰਗ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਅੱਜ 4839 ਬੈਲਟ ਯੂਨਿਟਾਂ, 2927 ਕੰਟਰੋਲ ਯੂਨਿਟਾਂ ਅਤੇ 2973 ਵੀਵੀਪੈਟ ਯੂਨਿਟਾਂ ਦੀ ਵਿਧਾਨ ਸਭਾ ਹਲਕਾਵਾਰ ਵੰਡ ਲਈ ਵਿਵਸਥਾ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 40-40 ਫੀਸਦੀ ਬੈਲਟ ਯੂਨਿਟ, ਕੰਟਰੋਲ ਯੂਨਿਟ ਅਤੇ ਵੀਵੀਪੈਟ ਯੂਨਿਟ ਵਿਧਾਨ ਸਭਾ ਹਲਕਾਵਾਰ ਰਿਜ਼ਰਵ ਰੱਖੇ ਜਾਣਗੇ।
ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਵੰਡੀਆਂ ਜਾਣਗੀਆਂ: ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਵਿਵਸਥਾ ਉਪਰੰਤ ਪ੍ਰਾਪਤ ਸੂਚੀ ਅਨੁਸਾਰ ਵੋਟਿੰਗ ਮਸ਼ੀਨਾਂ ਨੂੰ ਇੱਧਰ-ਉੱਧਰ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਹ ਮਸ਼ੀਨਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਵੇਅਰ ਹਾਊਸ ਤੋਂ ਵਿਧਾਨ ਸਭਾ ਹਲਕਾਵਾਰ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੰਡੀਆਂ ਜਾਣਗੀਆਂ। ਚੋਣ ਪ੍ਰਕਿਰਿਆ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦਹੁਰਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਸਿਰੇ ਚਾੜ੍ਹਨ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ, ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ।
ਦੱਸ ਦਈਏ ਜਲੰਧਰ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਅਤੇ ਪੰਜਾਬ ਦੀ ਸਿਆਸਤ ਵਿਚਲੀਆਂ ਸਾਰੀਆਂ ਪਾਰਟੀਆਂ ਆਪਣਾ ਉਮੀਦਵਾਰ ਉਤਾਰ ਕੇ ਆਪਣੀ ਕਿਸਮਤ ਨੂੰ ਅਜਮਾਉਣ ਜਾ ਰਹੀਆਂ ਨੇ। ਜਿੱਥੇ ਰਿਵਾਇਤੀ ਪਾਰਟੀਆਂ ਆਪਣੀ ਜਿੱਤ ਦਾ ਦਾਅਵਾ ਕਰ ਰਹੀਆਂ ਨੇ ਉੱਥੇ ਹੀ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਦਾ ਦਾਅਵਾ ਹੈ ਕਿ ਉਹ ਇਸ ਇਲੈਕਸ਼ਨ ਵਿੱਚ ਵਿਧਾਨ ਸਭਾ ਚੋਣਾਂ ਵਾਲੀ ਕਹਾਣੀ ਦੁਹਰਾਉਣਗੇ। ਦੂਜੇ ਪਾਸੇ ਇਸ ਜ਼ਿਮਨੀ ਚੋਣ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੀ ਆਪਣੀ ਜਿੱਤ ਦਾ ਦਾਅਵੇ ਠੋਕ ਰਹੇ ਨੇ।
ਇਹ ਵੀ ਪੜ੍ਹੋ:Amritpal Singh ਦੇ ਸਾਥੀਆਂ ਦਾ ਪਰਿਵਾਰ ਨਹੀਂ ਜਾਵੇਗਾ ਡਿਬਰੂਗੜ੍ਹ; ਇਜਾਜ਼ਤ ਮਿਲਣ ਦੇ ਬਾਵਜੂਦ ਕੀਤਾ ਇਨਕਾਰ, ਜਾਣੋ ਕਾਰਨ