ਚੰਡੀਗੜ੍ਹ: ਜਲੰਧਰ ਵਿੱਚ 30 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਜਲੰਧਰ ਵਿਆਪਕ ਵਿਕਾਸ ਅਤੇ ਤਰੱਕੀ ਨਾਲ ਚਮਕੇਗਾ’। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਲੰਧਰ ਲੋਕ ਸਭਾ ਸੀਟ ਦੀ ਜਿੱਤ ਨੇ ਉਨ੍ਹਾਂ ਵਿੱਚ ਲੋਕਾਂ ਦੀ ਸੇਵਾ ਕਰਨ ਦੀ ਹੋਰ ਵੀ ਨਿਮਰ ਭਾਵਨਾ ਭਰ ਦਿੱਤੀ ਹੈ।
100 ਕਰੋੜ ਰੁਪਏ ਦੇ ਕੰਮ ਸ਼ੁਰੂ: ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਸ ਲੋਕ ਸਭਾ ਹਲਕੇ ਤੋਂ ਉਨ੍ਹਾਂ ਦੇ ਸੰਸਦ ਮੈਂਬਰ ਨੇ ਅਜੇ ਸਹੁੰ ਨਹੀਂ ਚੁੱਕੀ ਪਰ 100 ਕਰੋੜ ਰੁਪਏ ਦੇ ਕੰਮ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਕੰਮ ਪਹਿਲਾਂ ਹੀ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਭਗਵੰਤ ਮਾਨ ਨੇ ਦੱਸਿਆ ਕਿ ਜੰਡਿਆਲਾ-ਗੁਰਾਇਆ ਰੋਡ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਦੀ ਸਾਫ-ਸਫਾਈ ਦਾ ਕੰਮ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਤੇ ਖਾਸ ਤੌਰ 'ਤੇ ਜਲੰਧਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦੀ ਤਰੱਕੀ ਨੂੰ ਹੁਲਾਰਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਾਹਪੁਰ ਕੰਢੀ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ ਬਿਸਤ-ਦੋਆਬ ਨਹਿਰ ਨੂੰ ਪਾਣੀ ਦੇ ਵਹਾਅ ਦੇ ਸੰਕਟ ਨਾਲ ਨਹੀਂ ਜੂਝਣਾ ਪਵੇਗਾ ਅਤੇ 10,000 ਏਕੜ ਜ਼ਮੀਨ ਨਹਿਰੀ ਪਾਣੀ ਹੇਠ ਆ ਜਾਵੇਗੀ।
600 ਯੂਨਿਟ ਮੁਫਤ ਬਿਜਲੀ:ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਤਿਹਾਸਕ ਪਹਿਲਕਦਮੀਆਂ ਕਰਕੇ ਆਮ ਲੋਕਾਂ ਦੀ ਸਹੂਲਤ ਲਈ ਅਣਥੱਕ ਉਪਰਾਲੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਵੱਡੀ ਸਹੂਲਤ ਦਿੱਤੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫਤ ਦੇਣ ਲਈ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਯੋਗਤਾ ਦੇ ਆਧਾਰ 'ਤੇ ਨੌਜਵਾਨਾਂ ਨੂੰ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।