ਜਲੰਧਰ: ਅਮਰੀਕਾ ਨੇ ਹਾਲ ਹੀ ਵਿੱਚ H-1B ਵੀਜ਼ਾ 'ਤੇ ਰੋਕ ਲਗਾ ਦਿੱਤੀ ਹੈ ਜਿਸ ਕਾਰਨ ਅਮਰੀਕਾ ਵਿੱਚ ਕੰਮ ਕਰਨ ਦੇ ਇਛੁੱਕ ਲੋਕਾਂ ਦੀਆਂ ਉਮੀਦਾਂ ਉੱਤੇ ਪਾਣੀ ਫਿਰ ਗਿਆ ਹੈ। ਦੂਜੇ ਪਾਸੇ ਅਮਰੀਕਾ ਵਿੱਚ ਪੜ੍ਹਨ ਗਏ ਵਿਦਿਆਰਥੀਆਂ ਦੇ ਭਵਿੱਖ ਉੱਤੇ ਵੀ ਖ਼ਤਰੇ ਦੀ ਤਲਵਾਰ ਲਟਕਣੀ ਸ਼ੁਰੂ ਹੋ ਗਈ ਹੈ।
ਅਮਰੀਕਨ ਯੂਨੀਵਰਸਿਟੀ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਉਣ ਦੇ ਫ਼ੈਸਲੇ ਤੋਂ ਬਾਅਦ ਹੁਣ ਵਿਦੇਸ਼ਾਂ ਤੋਂ ਅਮਰੀਕਾ ਆ ਕੇ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਅਮਰੀਕਾ ਛੱਡਣਾ ਪੈ ਸਕਦਾ ਹੈ। ਇਸੇ ਨੂੰ ਲੈ ਕੇ ਜਲੰਧਰ ਵਿੱਚ ਵੀਜ਼ਾ ਐਕਸਪਰਟ ਅਰਵਿੰਦਰ ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ।
ਅਰਵਿੰਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਅਮਰੀਕਨ ਯੂਨੀਵਰਸਿਟੀ ਦੇ ਨਿਯਮਾਂ ਮੁਤਾਬਕ ਯੂਨੀਵਰਸਿਟੀ ਸਾਰੀ ਪੜ੍ਹਾਈ ਆਨਲਾਈਨ ਨਹੀਂ ਕਰਾ ਸਕਦੀ ਬਲਕਿ ਸਿਰਫ਼ ਇੱਕ ਸਮਾ-ਸਾਰਣੀ ਨੂੰ ਹੀ ਆਨਲਾਈਨ ਕੀਤਾ ਜਾ ਸਕਦਾ ਹੈ। ਹੁਣ ਕੋਰੋਨਾ ਵਾਇਰਸ ਦੇ ਕਾਰਨ ਯੂਨੀਵਰਸਿਟੀਆਂ ਵੱਲੋਂ ਇਹ ਫੈਸਲਾ ਦਿੱਤਾ ਗਿਆ ਹੈ ਕਿ ਉਹ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਾਉਣਗੇ ਚਾਹੇ ਉਹ ਯੂਨੀਵਰਸਿਟੀ ਦੇ ਹੋਸਟਲ ਵਿੱਚ ਹੀ ਕਿਉਂ ਨਾ ਰਹਿ ਰਹੇ ਹੋਣ।
ਇਸ ਫੈਸਲੇ ਤੋਂ ਬਾਅਦ ਭਾਰਤ ਦੇ ਕਰੀਬ ਢਾਈ ਲੱਖ ਵਿਦਿਆਰਥੀ ਜੋ ਕਿ ਅਮਰੀਕਾ ਵਿੱਚ ਪੜ੍ਹਨ ਗਏ ਹੋਏ ਹਨ ਉਨ੍ਹਾਂ ਦੇ ਭਵਿੱਖ ਉੱਤੇ ਖ਼ਤਰਾ ਪੈਦਾ ਹੋ ਗਿਆ ਹੈ। ਅਰਵਿੰਦਰ ਪਾਲ ਸਿੰਘ ਮੁਤਾਬਕ ਜੇ ਯੂਨੀਵਰਸਿਟੀ ਇਸ ਫੈਸਲੇ ਉੱਤੇ ਰਹਿੰਦੀ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਹੀ ਪੜ੍ਹਾਉਂਦੀ ਹੈ ਤਾਂ ਨਿਯਮਾਂ ਦੇ ਅਨੁਸਾਰ ਵਿਦੇਸ਼ੀ ਵਿਦਿਆਰਥੀ ਉੱਥੇ ਰਹਿ ਕੇ ਪੜ੍ਹਾਈ ਨਹੀਂ ਕਰ ਸਕਦੇ।