ਜਲੰਧਰ: ਜ਼ਿਲ੍ਹਾ ਜਲੰਧਰ ਦੀ ਪੁਲਿਸ ਵੱਲੋਂ ਇਲਾਕੇ ਦੇ ਵਿੱਚ ਵਾਹਨ ਚੋਰੀ ਕਰਨ ਵਾਲੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਗੁਰਮੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਹੈ ਕਿ ਇਨ੍ਹਾਂ ਕੋਲੋਂ ਚੋਰੀ ਕੀਤੀਆਂ ਹੋਈਆ ਛੇਂ ਐਕਟਿਵਾ ਵੀ ਬਰਾਮਦ ਕੀਤੀਆਂ ਗਈਆਂ ਹਨ। ਮਾਮਲੇ ਸਬੰਧੀ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦੇ SI ਬਲਜੀਤ ਸਿੰਘ ਸਮੇਤ ਸਾਥੀ ਕਰਮਚਾਰੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿਚ ਗੁਰੂ ਰਵੀਦਾਸ ਚੌਕ ਜਲੰਧਰ ਮੌਜੂਦ ਸਨ ਅਤੇ ਇਸ ਦੌਰਾਨ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ।
ਮੁਖਬਰ ਨੇ ਦਿੱਤੀ ਇਤਲਾਹ: ਉਨ੍ਹਾਂ ਕਿਹਾ ਕਿ ਨਾਕੇਬੰਦੀ ਦੌਰਾਨ ਇੱਕ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਲੰਮੇਂ ਸਮੇਂ ਤੋਂ ਲੋਕਾਂ ਦੇ ਵਾਹਨ ਚੋਰੀ ਕਰਨ ਵਾਲੇ ਮੁਲਜ਼ਮ ਸ਼ਹਿਰ ਵਿੱਚ ਸ਼ਰੇਆਮ ਘੁੰਮ ਰਹੇ ਨੇ। ਮੁਲਜ਼ਮਾਂ ਦੀ ਪਹਿਚਾਣ ਕਰਵਾਉਂਦਿਆ ਉਨ੍ਹਾਂ ਕਿਹਾ ਕਿ ਅਮਰਪ੍ਰੀਤ ਸਿੰਘ ਪੁੱਤਰ ਪਰਮਜੀਤ ਸਿੰਘ, ਪਰਮਜੀਤ ਸਿੰਘ ਪੁੱਤਰ ਉਂਕਾਰ ਸਿੰਘ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾਬੰਦੀ ਕਰ ਰਹੇ ਨੇ। ਮੁਖਬਰ ਨੇ ਇਹ ਵੀ ਦੋਹਰਾਇਆ ਕਿ ਦੋਵੇਂ ਮੁਲਜ਼ਮ ਵਾਹਨ ਲੈਕੇ ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਘੁੰਮ ਰਹੇ ਨੇ। ਪੁਲਿਸ ਨੇ ਐਕਸ਼ਨ ਕਰਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਮੁਲਜ਼ਮਾਂ ਦਾ ਲਿਆ ਜਾਵੇਗਾ ਰਿਮਾਂਡ:ਪੁਲਿਸ ਮੁਤਾਬਿਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਮਗਰੋਂ ਮਾਮਲਾ ਥਾਣਾ ਡਵੀਜ਼ਨ ਨੰਬਰ 6 ਜਲੰਧਰ ਵਿੱਚ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਕਿਹਾ ਤਫ਼ਤੀਸ਼ ਮਗਰੋਂ ਮੁਲਜ਼ਮ ਪਿਓ-ਪੁੱਤ ਅਮਰਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਜ਼ਾਬਤੇ ਅਨੁਸਾਰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਕੀਤੇ ਗਿਆ ਪਿਓ-ਪੁੱਤ ਦੀ ਨਿਸ਼ਾਨਦੇਹੀ ਉੱਤੇ ਚੋਰੀ ਦੀਆਂ 6 ਐਕਟਿਵਾ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਵਾਰਦਾਤਾਂ ਸਬੰਧੀ ਹੋਰ ਵੀ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।