ਜਲੰਧਰ:ਭਾਰਤ ਚੋਣ ਕਮਿਸ਼ਨ ਵੱਲੋਂ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਡਾਕਟਰ ਪ੍ਰੀਤਮ ਨੂੰ ਜਨਰਲ ਆਬਜਰਵਰ ਅਤੇ ਉਜਵਲ ਕੁਮਾਰ ਭੋਮਿਕ ਨੂੰ ਪੁਲਿਸ ਨਿਗਰਾਨ ਅਤੇ ਰਾਜੀਵ ਸ਼ੰਕਰ ਕਿੱਟੂਰ ਨੂੰ ਖ਼ਰਚਾ ਨਿਗਰਾਨ ਨਿਯੁਕਤ ਕੀਤਾ ਗਿਆ। ਨਿਯੁਕਤ ਕੀਤੇ ਗਏ ਅਧਿਕਾਰੀਆਂ ਨੇ ਵੱਖ-ਵੱਖ ਚੋਣ ਪ੍ਰਕਿਰਿਆਵਾਂ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਹੈ। ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪਹੁੰਚੇ ਚੋਣ ਨਿਗਰਾਨਾਂ ਨੇ ਉਮੀਦਵਾਰਾਂ, ਰਾਜਨੀਤਕ ਪਾਰਟੀਆਂ ਅਤੇ ਸਿਆਸੀ ਨੁਮਾਇੰਦਿਆਂ ਦੀਆਂ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖਣ ਦੀ ਗੱਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਚੋਣ ਜਾਬਤੇ ਨੂੰ ਹਰ ਹਾਲ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੀ ਉਲੰਘਣਾ ’ਤੇ ਬਿਨ੍ਹਾਂ ਕਿਸੇ ਦੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਅਮਨ-ਕਾਨੂੰਨ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਦਿਆਂ ਵੱਖ-ਵੱਖ ਸਿਆਸੀ ਸਰਗਰਮੀਆਂ ’ਤੇ ਹੋਣ ਵਾਲੇ ਚੋਣ ਖ਼ਰਚੇ ’ਤੇ ਵੀ ਪੂਰੀ ਨਿਗ੍ਹਾ ਰੱਖੀ ਜਾਵੇ।
ਚੋਣ ਅਫਸਰ ਨੇ ਦਿੱਤਾ ਵੇਰਵਾ: ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਚੋਣ ਤਿਆਰੀਆਂ ਬਾਰੇ ਆਬਜ਼ਰਵਰਾਂ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਕੁੱਲ 1618512 ਵੋਟਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 80 ਸਾਲ ਤੋਂ ਵੱਧ ਉਮਰ ਵਰਗ ਦੇ ਵੋਟਰਾਂ ਦੀ ਗਿਣਤੀ 38313 ਅਤੇ ਦਿਵਿਆਂਗ ਵੋਟਰਾਂ ਦੀ ਗਿਣਤੀ 10526 ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਵੋਟਰਾਂ ਦੀ ਗਿਣਤੀ 199776 ਫਿਲੌਰ ਵਿਧਾਨ ਸਭਾ ਹਲਕੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਸਾਰੇ 9 ਵਿਧਾਨਸਭਾ ਹਲਕਿਆਂ ਵਿੱਚ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਪੁਲਿਸ ਵਿਭਾਗ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਵੱਖ-ਵੱਖ ਚੋਣ ਸਰਗਰਮੀਆਂ ਨੂੰ ਨੇਪਰੇ ਚਾੜ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1972 ਪੋਲਿੰਗ ਸਟੇਸ਼ਨ ਹਨ ਅਤੇ ਇਨ੍ਹਾਂ ਸਾਰੇ ਪੋfਲੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਸਮੇਤ ਬਾਕੀ ਲੋੜੀਂਦੀਆਂ ਸਹੂਲਤਾਂ ਦਾ ਵੀ ਪ੍ਰਬੰਧ ਹੈ। ਉਨ੍ਹਾਂ ਨੇ ਚੋਣ ਨਿਗਰਾਨਾਂ ਨੂੰ ਜਾਣੂ ਕਰਵਾਇਆ ਕਿ 9 ਵਿਧਾਨਸਭਾ ਹਲਕਿਆਂ ਵਿੱਚ 542 ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ।