ਜਲੰਧਰ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ (Government of Punjab and Punjab Police) ਵੱਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਰੋਜ਼ਾਨਾਂ ਹਜ਼ਾਰਾਂ ਹੀ ਨਸ਼ਾ ਤਸਕਰਾਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕੀਤਾ ਜਾਦਾ ਹੈ। ਇਸੇ ਮੁਹਿੰਮ ਤਹਿਤ ਜਲੰਧਰ ਵਿੱਚ ਨਸ਼ੇ ਦਾ ਕਾਰੋਬਾਰ (Drug dealing in Jalandhar) ਕਰਨ ਵਾਲੇ ਨਸ਼ਾ ਤਸਕਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਸ਼ਾ ਤਸਕਰ ‘ਤੇ ਸ਼ਹਿਰ ਦੇ ਵੱਖ-ਵੱਖ ਥਾਣਿਆਂ 'ਚ ਐਕਸਾਈਜ਼ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 28 ਅਪਰਾਧਿਕ ਮਾਮਲੇ ਦਰਜ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਸੀ.ਆਈ.ਏ.-1 ਅਤੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੀਆਂ ਸਾਂਝੀਆਂ ਟੀਮਾਂ ਵੱਲੋਂ ਅਰਵਿੰਦਰ ਕੁਮਾਰ ਉਰਫ਼ ਠੁੱਠਾ ਵਿਰੁੱਧ ਅਦਾਲਤ ਤੋਂ ਸਰਚ ਵਾਰੰਟ ਲੈ ਕੇ ਅਮਨ ਨਗਰ ਜਲੰਧਰ (Jalandhar) ਸਥਿਤ ਉਸ ਦੀ ਰਿਹਾਇਸ਼ 'ਤੇ ਛਾਪਾ ਮਾਰਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਸਟੋਰ ਦੇ ਇੱਕ ਸ਼ੂ ਰੈਕ ਵਿੱਚੋਂ ਇੱਕ ਪਲਾਸਟਿਕ ਦਾ ਪੈਕਟ, ਜਿਸ ਵਿੱਚ 330 ਗ੍ਰਾਮ ਨਸ਼ੀਲਾ ਪਦਾਰਥ ਸੀ, ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਮੁਲਜ਼ਮ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।