ਜਲੰਧਰ :ਜਲੰਧਰ ਲੋਕ ਸਭਾ ਹਲਕਾ ਜਲੰਧਰ ਦੀ 10 ਮਈ ਨੂੰ ਹੋਣ ਜਾ ਰਹੀ ਜਿਮਨੀ ਚੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਅੱਜ 'ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ' (ਸਵੀਪ) ਪ੍ਰੋਗਰਾਮ ਤਹਿਤ ਜਾਗਰੂਕਤਾ ਪੋਸਟਰ ਰਿਲੀਜ਼ ਕਰਦਿਆਂ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਜਾਗਰੂਕਤਾ ਲਈ ਇਹ ਪੋਸਟਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ’ਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤਾਂ ਜੋ 10 ਮਈ ਨੂੰ ਵੋਟਾਂ ਵਾਲੇ ਦਿਨ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ਤੋਂ ਬੂਥ ਪੱਧਰ ਤੱਕ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸਵੀਪ ਰੈਲੀਆਂ, ਵੋਟ ਦੀ ਮਹੱਤਤਾ ਵਿਸ਼ੇ ’ਤੇ ਸੈਮੀਨਾਰ, ਨੈਤਿਕ ਵੋਟਿੰਗ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ, ਹਸਤਾਖ਼ਰ ਅਭਿਆਨ, ਵੋਟਰ ਪ੍ਰਣ, ਡੋਰ-ਟੂ-ਡੋਰ ਮੁਹਿੰਮ ਤੋਂ ਇਲਾਵਾ ਹੋਰ ਜਾਗਰੂਕਤਾ ਸਰਗਰਮੀਆਂ ਸ਼ਾਮਲ ਹਨ।