ਜਲੰਧਰ: ਵਿਸ਼ਵ ਪ੍ਰਸਿੱਧ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਸਰਕਾਰ ਤੇ ਸੂਬੇ ਦੀ ਪੁਲਿਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਵੱਲੋਂ ਲਗਾਤਾਰ ਮੂਸੇਵਾਲਾ ਦੇ ਕਤਲ ਵਿੱਚ ਨਾਮਜ਼ਦ ਗੈਂਗਸਟਰਾਂ ਅਤੇ ਹੋਰਨਾਂ ਮਾਮਲਿਆਂ ਵਿੱਚ ਨਾਮਜ਼ਦ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।
ਇਸਦੇ ਚੱਲਦੇ ਜਲੰਧਰ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਹਥਿਆਰਾਂ ਸਮੇਤ 13 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪੁਲਿਸ ਵੱਲੋਂ ਬਕਾਇਦਾ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ ਅਤੇ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
13 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ ਇਸ ਘਟਨਾ ਦੀ ਜਾਣਕਾਰੀ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਹੈਡਕੁਆਟਰ ਤੋਂ ਆਈਜੀ ਸੁਖਚੈਨ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਆਈਜੀ ਨੇ ਦੱਸਿਆ ਕਿ 9 ਸ਼ਾਰਪ ਸ਼ੂਟਰਾਂ ਸਮੇਤ 13 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇੰਨ੍ਹਾਂ ਵਿੱਚੋਂ ਜੋ 4 ਹਨ ਉਹ ਹਥਿਆਰ ਦੀ ਸਮਗਲਿੰਗ ਕਰਦੇ ਹਨ। ਇੰਨ੍ਹਾਂ ਮੁਲਜ਼ਮਾਂ ਤੋਂ 13 ਪਿਸਟਲ, 2 ਵਿਦੇਸ਼ੀ ਹਥਿਆਰ ਅਤੇ 18 ਕਾਰਤੂਸ ਬਰਾਮਦ ਹੋਏ ਹਨ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸਨ। ਉਨ੍ਹਾਂ ਕਿਹਾ ਕਿ ਸਾਰੇ ਲਾਰੈਂਸ ਗੈਂਗ ਨਾਲ ਜੁੜੇ ਹਨ ਅਤੇ ਜ਼ਿਆਦਾਤਰ ਤਰਨ ਤਾਰਨ ਦੇ ਰਹਿਣ ਵਾਲੇ ਹਨ। ਆਈਜੀ ਨੇ ਦੱਸਿਆ ਕਿ ਗੈਂਗਸਟਰਾਂ ਵੱਲੋਂ ਬੰਬੀਹਾ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਪਲਾਨਿੰਗ ਸੀ।
13 ਗੈਂਗਸਟਰ ਹਥਿਆਰਾਂ ਸਮੇਤ ਗ੍ਰਿਫਤਾਰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੁਆਰਾ ਏਸੀਪੀ ਜੋਤੀ ਯਾਦਵ ਦੁਆਰਾ ਬਿਨ੍ਹਾਂ ਜਾਣਕਾਰੀ ਦੇ ਉਨ੍ਹਾਂ ਦੇ ਇਲਾਕੇ ਵਿੱਚ ਸਰਚ ਆਪਰੇਸ਼ਨ ਦੇ ਲਈ ਸ਼ਰੇਆਮ ਫਟਕਾਰ ਲਗਾਉਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਆਈਜੀ ਦਾ ਬਿਆਨ ਸਾਹਮਣੇ ਆਇਆ ਹੈ। ਆਈ ਜੀ ਨੇ ਕਿਹਾ ਕਿ ਸਰਚ ਆਪਰੇਸ਼ਨ ਤੋਂ ਪਹਿਲਾਂ ਸਥਾਨਕ ਵਿਧਾਇਕ ਦੀ ਜਾਣਕਾਰੀ ਦੇਣ ਦਾ ਕੋਈ ਨਿਯਮ ਨਹੀਂ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਤੋਂ ਅਵਤਾਰ ਉਰਫ ਮੰਗਲ, ਜੋਬਨਪ੍ਰੀਤ, ਅਕਾਸ਼ਦੀਪ, ਹਰਪ੍ਰੀਤ ਉਰਫ ਕਾਕਾ, ਅਰਸ਼ਦੀਪ, ਲਵਜੀਤ ਅਤੇ ਰੇਸ਼ਮ ਉਰਫ ਬਾਓ; ਫਿਰੋਜ਼ਪੁਰ ਤੋਂ ਗੁਰਪ੍ਰੀਤ ਉਰਫ ਘੁਮਾ ਸ਼ੂਟਰ, ਬੌਬੀ ਉਰਫ ਬਾਬਾ ਅਤੇ ਸੋਨੂੰ ਉਰਫ ਪੁਲਾ; ਜਲੰਧਰ ਤੋਂ ਗੁਰਪ੍ਰੀਤ ਉਰਫ ਗੋਪੀ ਅਤੇ ਹਰਮਨ ਕਲਸੀ; ਕਪੂਰਥਲਾ ਤੋਂ ਬਲਵਿੰਦਰ ਉਰਫ ਬਿੱਲਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 13 ਆਧੁਨਿਕ ਹਥਿਆਰ ਅਤੇ 18 ਕਾਰਤੂਸ ਵੀ ਬਰਾਮਦ ਕੀਤੇ ਹਨ।
ਆਈਜੀਪੀ ਨੇ ਦੱਸਿਆ ਕਿ 29 ਜੂਨ, 2022 ਨੂੰ ਇਸ ਗਿਰੋਹ ਦੇ 11 ਮੈਂਬਰਾਂ ਦੀ ਗ੍ਰਿਫਤਾਰੀ ਤੋਂ ਬਾਅਦ, ਜਲੰਧਰ ਦਿਹਾਤੀ ਪੁਲਿਸ ਇਸ ਗਿਰੋਹ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਲਈ ਕੁਝ ਸੁਰਾਗਾਂ 'ਤੇ ਕੰਮ ਕਰ ਰਹੀ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਵਿਅਕਤੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਖਿਲਾਫ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਖੰਨਾ, ਮੋਹਾਲੀ ਅਤੇ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਇਹ ਗਿਰੋਹ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਕਾਫੀ ਜ਼ਿਲ੍ਹਿਆਂ ਵਿੱਚ ਸਰਗਰਮ ਹੈ ਅਤੇ ਗ੍ਰਿਫ਼ਤਾਰ ਕੀਤੇ ਗਏ ਅਪਰਾਧੀ ਕਤਲ, ਹਥਿਆਰਬੰਦ ਡਕੈਤੀ, ਸੰਗਠਿਤ ਫਿਰੌਤੀ ਅਤੇ ਹਾਈਵੇ ਡਕੈਤੀ ਸਮੇਤ ਹੋਰ ਕਈ ਅਪਰਾਧਾਂ ਵਿੱਚ ਸ਼ਾਮਲ ਸਨ। ਆਈਜੀਪੀ ਸੁਖਚੈਨ ਗਿੱਲ ਨੇ ਕਿਹਾ ਕਿ ਇਸ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਬਾਅਦ, ਪੰਜਾਬ ਪੁਲਿਸ ਨੇ ਘੱਟੋ-ਘੱਟ ਪੰਜ ਕਤਲਾਂ ਅਤੇ ਸੱਤ ਹਥਿਆਰਬੰਦ ਡਕੈਤੀਆਂ ਨੂੰ ਨਾਕਾਮ ਕੀਤਾ ਹੈ।
ਐਸਐਸਪੀ ਜਲੰਧਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਇਸ ਗਿਰੋਹ ਨੂੰ ਘੁੰਮਾ ਅਤੇ ਗੋਪੀ ਵੱਲੋਂ ਚਲਾਇਆ ਜਾ ਰਿਹਾ ਸੀ। ਇਹ ਦੋਵੇਂ ਮਾਰਕਸ ਉਰਫ ਮੱਸਾ ਦੇ ਸਾਥੀ ਸਨ ਜੋ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਫਿਰੋਜ਼ਪੁਰ ਦਾ ਵਾਸੀ ਮੱਸਾ 18 ਅਪਰਾਧਿਕ ਕੇਸਾਂ ਕਾਰਨ ਜੇਲ੍ਹ ਵਿੱਚ ਬੰਦ ਹੈ। ਫੜੇ ਗਏ ਵਿਅਕਤੀਆਂ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਗੁਰਪ੍ਰੀਤ ਗੋਪੀ ਅਤੇ ਜੋਬਨਪ੍ਰੀਤ, ਜਿਨ੍ਹਾਂ ਵਿਰੁੱਧ ਸੱਤ ਅਪਰਾਧਿਕ ਮਾਮਲੇ ਦਰਜ ਹਨ, ਬੰਬੀਹਾ-ਪਿੰਦਾ ਗਰੋਹ ਦੇ ਤਿੰਨ ਮੈਂਬਰਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਰੇਕੀ ਵੀ ਕੀਤੀ ਜਾ ਚੁੱਕੀ ਸੀ ਅਤੇ ਮੱਧ ਪ੍ਰਦੇਸ਼ ਤੋਂ ਇੱਕ ਹਥਿਆਰ ਸਪਲਾਇਰ ਤੋਂ ਹਥਿਆਰ ਵੀ ਮੰਗਵਾਏ ਗਏ ਸਨ।
ਉਨ੍ਹਾਂ ਦੱਸਿਆ ਕਿ ਰੇਸ਼ਮ ਉਰਫ਼ ਬਾਓ ਅਤੇ ਗੁਰਪ੍ਰੀਤ ਉਰਫ਼ ਘੁੰਮਾ ਸ਼ੂਟਰ, ਜਿਨ੍ਹਾਂ ਖ਼ਿਲਾਫ਼ ਵੀ ਸੱਤ ਅਪਰਾਧਿਕ ਮਾਮਲੇ ਦਰਜ ਹਨ, ਆਪਣੇ ਕੱਟੜ ਵਿਰੋਧੀ ਬੰਬੀਹਾ-ਗੌਂਡਰ ਗੈਂਗ ਦੇ ਦੋ ਵਿਅਕਤੀਆਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਜ਼ਿਕਰਯੋਗ ਹੈ ਕਿ ਪੁਲਿਸ ਹੁਣ ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਕੰਮ ਕਰ ਰਹੀ ਹੈ, ਜਿਨ੍ਹਾਂ ਨੇ ਮੁਲਜ਼ਮਾਂ ਨੂੰ ਪਨਾਹ, ਵਿੱਤੀ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ। ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੇ ਸਪਲਾਇਰਾਂ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ:ਹੁਣ ਸਾਬਕਾ ਸੀਐੱਮ ਚੰਨੀ ਮਾਨ ਸਰਕਾਰ ਦੇ ਨਿਸ਼ਾਨੇ ’ਤੇ, 142 ਕਰੋੜ ਦੀ ਗ੍ਰਾਂਟ ਵੰਡਣ ਦੀ ਹੋਵੇਗੀ ਜਾਂਚ