ਜਲੰਧਰ :ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਹਰ ਪਾਰਟੀ ਆਪਣੇ ਉਮੀਦਵਾਰ ਨੂੰ ਸਿਆਸੀ ਰਣਤੱਤੇ ਵਿੱਚ ਉਤਾਰ ਰਹੀ ਹੈ। ਉਥੇ ਹੀ ਅੱਜ ਆਮ ਆਦਮੀ ਪਾਰਟੀ ਵੱਲੋਂ ਵੀ ਆਪਣਾ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅੱਜ ਆਪਣੀ ਨਾਮਜ਼ਦਗੀ ਜ਼ਿਲ੍ਹਾ ਮੈਜੀਸਟ੍ਰੇਟ ਕੋਲ ਜਾ ਕੇ ਭਰਨਗੇ। ਇਸ ਸਬੰਧੀ ਪੁਸ਼ਟੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਹੈ।
ਮੁੱਖ ਮੰਤਰੀ ਦਾ ਟਵੀਟ :ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ"ਅੱਜ ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਦੇ ਕਾਗਜ਼ ਭਰੇ ਜਾਣਗੇ …ਉਮੀਦ ਹੈ ਕਿ ਜਲੰਧਰ ਲੋਕ ਸਭਾ ਦੇ ਲੋਕ ਇਸ ਚੋਣ ਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁੱਗਣੇ-ਚੌਗੁਣੇ ਹੌਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ…ਮਿਲਦੇ ਹਾਂ ਅੱਜ ਜਲੰਧਰ ਵਿਖੇ.."
ਜਲੰਧਰ ਵਿੱਚ ਚੜ੍ਹਿਆ ਸਿਆਸੀ ਪਾਰਾ :ਜ਼ਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸ਼ਹਿਰ ਦਾ ਸਿਆਸੀ ਪਾਰਾ ਚੜ੍ਹਦਾ ਜਾ ਰਿਹਾ ਹੈ। ਇਨ੍ਹਾਂ ਦਿਨਾਂ ਵਿੱਚ ਵੱਖੋ-ਵੱਖ ਪਾਰਟੀਆਂ ਦੇ ਨੁਮਾਇੰਦੇ ਆਪਣੇ ਉਮੀਦਵਾਰ ਦੇ ਹੱਕ ਵਿੱਚ ਆ ਕੇ ਹਾਅ ਦਾ ਨਾਅਰਾ ਮਾਰ ਰਹੇ ਹਨ ਤੇ ਲੋਕਾਂ ਕੋਲੋਂ ਉਨ੍ਹਾਂ ਦੇ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਮੰਗ ਰਹੇ ਹਨ। ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਵੱਲੋਂ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ ਸੀ। ਇਸ ਕਾਨਫਰੰਸ ਰਾਹੀਂ ਉਨ੍ਹਾਂ ਆਪਣੀ ਪਾਰਟੀ ਦੇ ਸੋਹਲੇ ਗਾਏ ਤੇ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਭੰਡਿਆ।