ਜਲੰਧਰ:ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮਾਂ ਦੇ ਵੱਲੋਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਰੀਬ 7200 ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਗਏ ਹਨ। ਇੰਨ੍ਹਾਂ ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਨਾਲ ਪਨਬੱਸ ਅਤੇ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਨੂੰ ਬ੍ਰੇਕ ਲੱਗ ਗਈ ਹੈ। ਜਲੰਧਰ ਵਿੱਚ ਵੀ ਰੋਡਵੇਜ਼ ਮੁਲਾਜ਼ਮ ਬੱਸ ਸਟੈਂਡ ਤੋਂ ਬਾਹਰ ਬਣੇ ਪੰਜਾਬ ਰੋਡਵੇਜ਼ ਦੇ ਦਫ਼ਤਰ ਅੰਦਰ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠ ਗਏ ਹਨ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰਾਂ ਪਿਛਲੇ ਕਾਫੀ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਸਿਰਫ ਲਾਅਰੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸਲ ਵਿਚ ਸਰਕਾਰ ਵੱਲੋਂ ਕੀਤੇ ਵਾਅਦਿਆਂ ਵਿੱਚੋਂ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ। ਅਣਮਿੱਥੇ ਸਮੇਂ ਲਈ ਹੜਤਾਲ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਦੇ ਪਰਿਵਹਿਨ ਮਹਿਕਮੇ ਨੂੰ ਕਰੀਬ ਦਸ ਹਜ਼ਾਰ ਬੱਸਾਂ ਦੀ ਲੋੜ ਹੈ ਜਦਕਿ ਮਹਿਕਮੇ ਵੱਲੋਂ ਨਾਮਾਤਰ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੱਚੇ ਰੋਡਵੇਜ਼ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਵੀ ਦਿੱਤੀ ਜਾਵੇ।