ਜਲੰਧਰ: ਦੇਸ਼ 'ਚ ਲੋਕ ਸਭਾ ਚੋਣਾਂ ਖ਼ਤਮ ਹੋ ਗਈਆਂ ਹਨ ਅਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੇ ਚਲਦਿਆਂ ਅਕਾਲੀ ਦਲ ਟਕਸਾਲੀ ਨੇ ਸੋਮਵਾਰ ਨੂੰ ਆਪਣੀਆਂ ਆਉਣ ਵਾਲੀਆਂ ਗਤੀਵਿਧੀਆਂ ਨੂੰ ਲੈ ਕੇ ਜਲੰਧਰ ਦੇ ਸਰਕਿਟ ਹਾਊਸ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ।
ਇਸ ਮੌਕੇ ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਬਾਦਲ ਪਰਿਵਾਰ ਦੀ ਪ੍ਰੋਪਰਟੀ ਹੈ। ਅਕਾਲੀ ਦਲ ਨੇ ਪੰਜਾਬ ਵਿੱਚ ਸਿਰਫ਼ ਦੋ ਹੀ ਸੀਟਾਂ ਜਿੱਤੀਆਂ ਹਨ ਅਤੇ ਇਸੇ ਦੀ ਖੁਸ਼ੀ ਮਨਾਈ ਜਾ ਰਹੀ ਹੈ ਜੋ ਕਿ ਗ਼ਲਤ ਗੱਲ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੂੰ ਜਤਾਉਣ ਲਈ ਸਿਰਸਾ ਡੇਰੇ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਮਿਲ ਕੇ ਜੁਗਤ ਲਗਾਈ ਹੈ ਜਿਸ ਦਾ ਪਤਾ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਲੱਗ ਜਾਏਗਾ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦਾ ਮਕਸਦ ਚੋਣਾਂ ਨੂੰ ਜਿੱਤਣਾ ਨਹੀਂ ਬਲਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਦਾ ਵਿਰੋਧ ਕਰਨਾ ਸੀ। ਉਨ੍ਹਾਂ ਕਿਹਾ ਕਿ ਬੀਬੀ ਪਰਮਜੀਤ ਕੌਰ ਖਾਲੜਾ ਨੇ ਬੀਬੀ ਜਗੀਰ ਕੌਰ ਤੋਂ ਜ਼ਿਆਦਾ ਵੋਟਾਂ ਹਾਸਲ ਕੀਤੀਆਂ ਤੇ ਆਉਣ ਵਾਲ਼ੇ ਦਿਨਾਂ 'ਚ ਉਹ ਹੁਣ ਐੱਸਜੀਪੀਸੀ ਦੀਆਂ ਚੋਣਾਂ 'ਚ ਵੀ ਅਕਾਲੀ ਦਲ ਨੂੰ ਸਬਕ ਸਿਖਾਉਣਗੇ।