ਜਲੰਧਰ: ਸੂਬੇ ’ਚ ਸਰਕਾਰ ਖ਼ਿਲਾਫ਼ ਹੜਤਾਲਾਂ ਦਾ ਸਿਲਸਿਲਾ ਥੰਮਣ ਦਾ ਨਾਮ ਨਹੀਂ ਲੈ ਰਿਹਾ। ਪਹਿਲਾਂ ਸਿਹਤ ਵਿਭਾਗ ਦੇ ਕਰਮਚਾਰੀ, ਫੇਰ ਸਫ਼ਾਈ ਕਰਮਚਾਰੀ। ਹੁਣ ਸਰਕਾਰੀ ਬੱਸਾਂ ਦੇ ਡਰਾਈਵਰ ਵੀ ਹੜਤਾਲ ਦੇ ਰਾਹ ਚੱਲ ਪਏ ਹਨ। ਬੀਤੇ ਦਿਨ ਸ਼ਹਿਰ ਦੇ ਬੱਸ ਅੱਡੇ ’ਤੇ ਰੋਡਵੇਜ਼ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।
ਇਸ ਮੌਕੇ ਮੁਲਾਜ਼ਮ ਯੂਨੀਅਨ ਦੇ ਜਨਰਲ ਸਕੱਤਰ ਦਲਜੀਤ ਸਿੰਘ ਨੇ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਸਮੂੰਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਤੇ ਵਾਰ ਵਾਰ ਟਾਲਮਟੋਲ ਕੀਤਾ ਜਾ ਰਿਹਾ ਹੈ। ਪੰਜਾਬ ਦੀ ਜਨਤਾ ਨੂੰ ਫ੍ਰੀ ਸਫ਼ਰ ਸਹੂਲਤਾਂ ਦੇਣ ਦੇ ਝੂਠੇ ਦਾਅਵੇ ਕਰਨ ਵਾਲੀ ਸਰਕਾਰ ਲੋਕਾਂ ਨੂੰ ਬੱਸਾਂ ਤੱਕ ਮੁਹੱਈਆ ਨਹੀਂ ਕਰਵਾ ਸਕੀ ਅਤੇ ਮੁਲਾਜ਼ਮਾਂ ਦਾ ਕੰਮ ਦੁਗਣਾ ਹੋਣ ਦੇ ਨਾਲ-ਨਾਲ 50% ਸਵਾਰੀਆਂ ਹੋਣ ਨਾਲ ਆਮ ਜਨਤਾ ਤੇ ਮੁਲਾਜ਼ਮਾਂ ਨੂੰ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੋਨਾ ਮਹਾਂਮਾਰੀ ਵਿੱਚ ਲੋਕਾਂ ਨੂੰ ਸਹੂਲਤਾਂ ਦੇ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀ ਕੀਤਾ ਗਿਆ।