ਜਲੰਧਰ: ਪੂਰੀ ਦੁਨੀਆਂ ਵਿੱਚ ਰਹਿ ਰਹੇ ਸਿੱਖ ਸਮੁਦਾਇ ਦੇ ਲੋਕ 8 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਜਾ ਰਹੇ ਹਨ ਇਸ ਦੇ ਚੱਲਦੇ ਅੱਜ ਸ਼ਨੀਵਾਰ ਨੂੰ ਜਲੰਧਰ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ਹੈ। ਸਿੱਖ ਜਥੇਬੰਦੀਆਂ ਵੱਲੋਂ ਇਸ ਨਗਰ ਕੀਰਤਨ ਵਿੱਚ ਸ਼ਾਮ ਨੂੰ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵੀ ਹਿੱਸਾ ਲੈਣ ਜਾ ਰਹੇ ਹਨ।
ਉਧਰ ਦੂਜੇ ਪਾਸੇ, ਸ਼ੁਕਰਵਾਰ ਨੂੰ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਜਲੰਧਰ ਵਿਖੇ ਸਿੱਖ ਜਥੇਬੰਦੀਆਂ ਦੇ ਲੋਕਾਂ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੂੰ ਇੱਕ ਮੰਗ ਪੱਤਰ ਸੌਂਪਿਆ ਜਿਸ ਵਿੱਚ ਕਿਹਾ ਗਿਆ ਕਿ ਸਿੱਖ ਸੰਗਤਾਂ ਵੱਲੋਂ ਕੱਲ ਜਲੰਧਰ ਵਿਚ ਇਸ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ਹੈ ਜਿਸ ਨੂੰ ਲੈ ਕੇ ਪੁਲਿਸ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰੇ। ਉਨ੍ਹਾਂ ਨੇ ਖਦਸ਼ਾ ਜਤਾਇਆ ਕਿ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਦੀ ਕਾਲ ਦੇ ਚੱਲਦੇ ਨਗਰ ਕੀਰਤਨ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ। ਸਿੱਖ ਜਥੇਬੰਦੀਆਂ ਦੇ ਆਗੂ ਹਰਪਾਲ ਸਿੰਘ ਚੱਢਾ ਨੇ ਕਿਹਾ ਕਿ ਜਲੰਧਰ ਪੁਲਿਸ ਨਗਰ ਕੀਰਤਨ ਦੌਰਾਨ ਪੂਰੀ ਸੁਰੱਖਿਆ ਦੇ ਇੰਤਜ਼ਾਮ ਯਕੀਨੀ ਬਣਾਵੇ।
ਉਧਰ ਖੁਦ ਜਲੰਧਰ ਪੁਲਿਸ ਦੇ ਕਮਿਸ਼ਨਰ ਅਤੇ ਡੀਸੀਪੀ ਜਗਮੋਹਨ ਸਿੰਘ ਨੇ ਸਿੱਖ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਨਗਰ ਕੀਰਤਨ ਅਤੇ ਪੰਜਾਬ ਬੰਦ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਗਰ ਕੀਰਤਨ ਵਿੱਚ ਵਿਘਨ ਨਹੀਂ ਪਾਉਣ ਦਿੱਤਾ ਜਾਏਗਾ।