ਜਲੰਧਰ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਜਲੰਧਰ ਵਿਖੇ ਪਾਰਟੀ ਦੇ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਉਨ੍ਹਾਂ ਸਿਰਫ 127 ਕਿਸਾਨਾਂ ਨੂੰ ਚੈਕ ਵੰਡ ਕੇ ਸਸਤੀ ਸ਼ੋਹਰਤ ਹਾਸਲ ਕਰਨ ਦਾ ਯਤਨ ਕੀਤਾ ਹੈ।
ਕੁਝ ਕੁ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਸਰਕਾਰ ਕਰ ਰਹੀ ਡਰਾਮੇ :ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾਂ ਵੀ ਦੋ ਵਾਰ ਕਿਸਾਨਾਂ ਨੂੰ ਖਰਾਬ ਮੌਸਮ ਕਾਰਨ ਅਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਝੋਨੇ ਅਤੇ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਜਦੋਂ ਕਿਸਾਨਾਂ ਨੂੰ ਭਾਰੀ ਬਰਸਾਤਾਂ ਦੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਝੱਲਣਾ ਪਿਆ ਹੈ ਤਾਂ ਮੁੱਖ ਮੰਤਰੀ ਸਿਰਫ ਕੁਝ ਕਿਸਾਨਾਂ ਨਾਲ ਮੁਆਵਜ਼ਾ ਦੇਣ ਦੀਆਂ ਤਸਵੀਰਾਂ ਖਿੱਚਵਾ ਕੇ ਡਰਾਮਾ ਕਰ ਰਹੇ ਹਨ, ਜਦਕਿ ਲੱਖਾਂ ਕਿਸਾਨ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ।
ਕੇਜਰੀਵਾਲ ਨੇ ਠੇਕੇਦਾਰਾਂ ਨਾਲ ਰਲ ਕੇ ਦਿੱਲੀ ਵਿਚ ਪੈਸਾ ਲੁੱਟਿਆ :ਇਥੇ ਪਾਰਟੀ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਨਾਲ ਅਕਾਲੀ ਦਲ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਬਾਦਲ ਨੇ ਸੀਬੀਆਈ ਵੱਲੋਂ ਦਿੱਲੀ ਆਬਕਾਰੀ ਘੁਟਾਲੇ ਵਿਚ ਪੁੱਛਗਿੱਛ ਲਈ ਬੁਲਾਏ ਜਾਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਆਪ ਨੂੰ ਇਕੱਲਾ ਇਮਾਨਦਾਰ ਹੋਣ ਦਾ ਦਾਅਵਾ ਕਰਨ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਨਾ ਸਿਰਫ ਸ਼ਰਾਬ ਦੇ ਠੇਕੇਦਾਰਾਂ ਨਾਲ ਰਲ ਕੇ ਦਿੱਲੀ ਵਿਚ ਪੈਸਾ ਲੁੱਟਿਆ ਹੈ ਬਲਕਿ ਪੰਜਾਬ ਵਿਚ ਵੀ ਉਹਨਾਂ ਹੀ ਠੇਕੇਦਾਰਾਂ ਨੂੰ ਸਾਰਾ ਸ਼ਰਾਬ ਕਾਰੋਬਾਰ ਸੌਂਪ ਦਿੱਤਾ। ਉਹਨਾਂ ਕਿਹਾਕਿ ਪੰਜਾਬ ਵਿਚ ਇਹ ਲੁੱਟ ਜੋ 700 ਕਰੋੜ ਰੁਪਏ ਤੋਂ ਜ਼ਿਆਦਾ ਬਣਦੀਹੈ, ਦਿੱਲੀ ਦੇ ਆਬਕਾਰੀ ਘੁਟਾਲੇ ਨਾਲੋਂ ਵੱਡੀ ਹੈ ਤੇ ਇਸਦੀ ਦਿੱਲੀ ਦੀ ਤਰਜ ’ਤੇ ਜਾਂਚ ਹੋਣੀ ਚਾਹੀਦੀ ਹੈ।