ਜਲੰਧਰ: ਬਹਿਬਲ ਗੋਲੀਕਾਂਡ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਡੀਜੀਪੀ ਸੁਮੇਧ ਸੈਣੀ ਤੇ ਮੁਅੱਤਲੀ ਅਧੀਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਵਜੋਂ ਨਾਮਜ਼ਦ ਕਰਨ 'ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਸਵਾਗਤ ਕੀਤਾ ਹੈ। ਪਰ ਇਸ ਦੇ ਨਾਲ ਹੀ ਖਹਿਰਾ ਨੇ ਮੰਗ ਕੀਤੀ ਕਿ ਉਸ ਸਮੇਂ ਗੋਲੀ ਚਲਾਉਣ ਦੇ ਹੁਕਮ ਦੇਣ ਵਜੋਂ ਬਾਦਲ ਪਰਿਵਾਰ ਖਿਲਾਫ਼ ਵੀ ਕੇਸ ਦਰਜ ਹੋਣਾ ਚਾਹੀਦਾ ਹੈ।
ਬਹਿਬਲ ਗੋਲੀਕਾਂਡ ਮਾਮਲੇ 'ਚ ਬਾਦਲ ਪਰਿਵਾਰ 'ਤੇ ਹੋਵੇ ਕੇਸ ਦਰਜ: ਖਹਿਰਾ - ਆਈਜੀ ਪਰਮਰਾਜ ਸਿੰਘ ਉਮਰਾਨੰਗਲ
ਸੁਖਪਾਲ ਖਹਿਰਾ ਨੇ ਕਿਹਾ ਕਿ ਬਹਿਬਲ ਕਲਾਂ ਵਿਖੇ ਗੋਲੀ ਚਲਾਉਣ ਦੇ ਹੁਕਮ ਉਸ ਸਮੇਂ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਦਿੱਤੇ ਸਨ, ਇਸ ਲਈ ਇਨ੍ਹਾਂ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।
ਸੁਖਪਾਲ ਖਹਿਰਾ ਨੇ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਸੁਮੇਧ ਸਿੰਘ ਸੈਣੀ ਅਤੇ ਉਮਰਾਨੰਗਰ ਦੇ ਨਾਲ-ਨਾਲ ਉਸ ਸਮੇਂ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਗ੍ਰਹਿ ਮੰਤਰੀ ਸੁਖਬੀਰ ਬਾਦਲ ਵੀ ਦੋਸ਼ੀ ਹਨ, ਜਿਨ੍ਹਾਂ ਨੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਖਹਿਰਾ ਨੇ ਦੱਸਿਆ ਕਿ ਸੁਮੇਧ ਸੈਣੀ ਨੇ ਜਸਟਿਸ ਰਣਜੀਤ ਸਿੰਘ ਕੋਲ ਹਲਫੀਆਂ ਬਿਆਨ ਦਰਜ ਕਰਵਾ ਕੇ ਮੰਨਿਆ ਹੈ ਕਿ ਉਸ ਰਾਤ ਮੁੱਖ ਮੰਤਰੀ ਪਰਕਾਸ਼ ਬਾਦਲ ਦਾ ਫੋਨ ਆਇਆ ਸੀ।
ਇਸ ਦੇ ਨਾਲ ਹੀ ਅੱਗੇ ਖਹਿਰਾ ਨੇ ਕਿਹਾ ਕਿ ਉਸ ਸਮੇਂ ਗੋਲੀ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਦੇ ਹੁਕਮਾਂ ਤੋਂ ਬਿਨਾਂ ਨਹੀਂ ਚੱਲੀ, ਇਸ ਲਈ ਇਨ੍ਹਾਂ ਖਿਲਾਫ਼ ਵੀ ਕੇਸ ਦਰਜ ਹੋਣਾ ਚਾਹੀਦਾ ਹੈ। ਖਹਿਰਾ ਨੇ ਮੁੱਖ ਮੰਤਰੀ ਕੈਪਟਨ ਨੂੰ ਵੀ ਘੇਰਦਿਆਂ ਕਿਹਾ ਕਿ ਜੇਕਰ ਬਾਦਲ ਪਰਿਵਾਰ ਖਿਲਾਫ਼ ਕੇਸ ਦਰਜ ਨਹੀਂ ਹੁੰਦਾ ਤਾਂ ਇਹ ਸਮਝਿਆ ਜਾਵੇਗਾ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਆਪਸ ਵਿੱਚ ਮਿਲੇ ਹੋਏ ਹਨ।