ਜਲੰਧਰ :ਜਲੰਧਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ 10 ਮਈ ਨੂੰ ਹੋਣ ਜਾ ਰਹੀ ਜਲੰਧਰ ਲੋਕ ਸਭਾ ਹਲਕਾ ਦੀ ਉਪ ਚੋਣ ਸਬੰਧੀ ਸੰਬੰਧੀ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਹੈ।
ਜ਼ਿਲ੍ਹੇ ਵਿੱਚ ਕੁੱਲ 1618512 ਵੋਟਰ :ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1618512 ਵੋਟਰ ਹਨ, ਜਿਨ੍ਹਾਂ ਵਿੱਚ 843299 ਪੁਰਸ਼, 775173 ਮਹਿਲਾ ਅਤੇ 40 ਥਰਡ ਜੈਂਡਰ ਵੋਟਰ ਸ਼ਾਮਲ ਹਨ। ਇਸੇ ਤਰ੍ਹਾਂ 80 ਸਾਲ ਤੋਂ ਵੱਧ ਉਮਰ ਵਾਲੇ 32668 ਵੋਟਰ, 100 ਸਾਲ ਤੋਂ ਵੱਧ ਉਮਰ ਵਾਲੇ 444 ਵੋਟਰ, 18 ਤੋਂ 19 ਸਾਲ ਵਾਲੇ 23649 ਨੌਜਵਾਨ ਵੋਟਰ, 10526 ਦਿਵਿਆਂਗ ਵੋਟਰ, 73 ਐਨ.ਆਰ.ਆਈ. ਵੋਟਰ, 1852 ਸਰਵਿਸ ਵੋਟਰ ਸ਼ਾਮਲ ਹਨ। ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 1972 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 738 ਸ਼ਹਿਰੀ ਅਤੇ 1234 ਦਿਹਾਤੀ ਇਲਾਕੇ ਵਿੱਚ ਬਣਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਸੌ ਫੀਸਦੀ ਪੋਲਿੰਗ ਬੂਥਾਂ ਦੀ ਵੈਬ ਕਾਸਟਿੰਗ ਕੀਤੀ ਜਾਵੇਗੀ। ਇਨ੍ਹਾਂ ਪੋਲਿੰਗ ਸਟੇਸ਼ਨਾਂ ਵਿੱਚ 44 ਮਾਡਲ ਪੋਲਿੰਗ ਸਟੇਸ਼ਨਾਂ ਦੇ ਨਾਲ-ਨਾਲ ਹਰੇਕ ਵਿਧਾਨ ਸਭਾ ਹਲਕੇ ਵਿੱਚ ਮਹਿਲਾਵਾਂ ਨੂੰ ਸਮਰਪਿਤ 1 ਵਿਸ਼ੇਸ਼ ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤਾ ਹੋਵੇਗਾ। ਜਦਕਿ ਦਿਵਿਆਂਗ ਵਿਅਕਤੀਆਂ ਵੱਲੋਂ ਸਥਾਨਕ ਪਿੰਗਲਵਾੜਾ ਵਿਖੇ ਵਿਸ਼ੇਸ਼ ਤੌਰ ’ਤੇ ਪੋਲਿੰਗ ਸਟੇਸ਼ਨ ਨੂੰ ਚਲਾਇਆ ਜਾਵੇਗਾ। ਜ਼ਿਲ੍ਹੇ ਵਿੱਚ 184 ਸੁਪਰਵਾਈਜ਼ਰ ਅਤੇ 1972 ਬੂਥ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਉਮਰ ਵਰਗ ਦੇ 23649 ਵੋਟਰ ਹਨ ਅਤੇ ਜੇਕਰ 18 ਸਾਲ ਉਮਰ ਵਰਗ ਦਾ ਕੋਈ ਵੀ ਨੌਜਵਾਨ ਵੋਟ ਬਣਾਉਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਲੋੜੀਂਦੀ ਪ੍ਰਕਿਰਿਆ ਪੂਰੀ ਕਰਕੇ ਨਾਮਜ਼ਦਗੀਆਂ ਲਈ ਅੰਤਿਮ ਮਿਤੀ 20 ਅਪ੍ਰੈਲ ਤੱਕ ਆਪਣੀ ਵੋਟ ਬਣਵਾ ਸਕਦਾ ਹੈ।