ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਸੰਗਤਾਂ ਦਾ ਸੈਲਾਬ ਆ ਗਿਆ ਹੈ, ਉਥੇ ਸਫਾਈ ਪ੍ਰਬੰਧਾਂ ਪੱਖੋਂ ਵੀ ਕੋਈ ਕਸਰ ਨਹੀਂ ਛੱਡੀ ਗਈ ਹੈ, ਜਿਸ ਦੀ ਚਾਰੇ ਪਾਸੇ ਸ਼ਲਾਘਾ ਹੋ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਦੇ ਰੀਜਨਲ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਆਏ ਸੰਗਤਾਂ ਦੇ ਸੈਲਾਬ ਅਤੇ ਸਫਾਈ ਪ੍ਰਬੰਧਾਂ ਦੇ ਪੱਖ ਤੋਂ ਸੁਲਤਾਨਪੁਰ ਲੋਧੀ ਦੀ ਤੁਲਨਾ ਕੁੰਭ ਮੇਲੇ ਵਾਲੇ ਅਲਾਹਾਬਾਦ ਸ਼ਹਿਰ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਆਮਦ ਦੇ ਬਾਵਜੂਦ ਸਾਫ-ਸਫਾਈ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਦੇ ਪ੍ਰਬੰਧਾਂ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਨਗਰੀ ਵਿੱਚ 73 ਲੰਗਰ ਚੱਲ ਰਹੇ ਹਨ ਤੇ ਇਨ੍ਹਾਂ ਲੰਗਰਾਂ ਵਿੱਚ ਸਾਫ-ਸਫਾਈ ਦੀ ਜ਼ਿੰਮੇਵਾਰੀ ਸਥਾਨਕ ਸਰਕਾਰਾਂ ਵਿਭਾਗ ਨੇ ਆਪਣੇ ਮੋਢਿਆਂ 'ਤੇ ਚੁੱਕੀ ਹੋਈ ਹੈ। ਚਾਰ ਮੈਂਬਰੀ ਕਮੇਟੀ ਜਿਸ ਵਿੱਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਪ੍ਰਮੁੱਖ ਸਕੱਤਰ ਏ ਵੇਨੂੰ ਪ੍ਰਸਾਦ, ਸੀਈਓ ਪੀਐਮਆਈਡੀਸੀ ਅਜੋਏ ਸ਼ਰਮਾ ਅਤੇ ਡਾਇਰੈਕਟਰ ਸਥਾਨਕ ਸਰਕਾਰਾਂ ਕਰਨੇਸ਼ ਸ਼ਰਮਾ ਇਨ੍ਹਾਂ ਸਾਰੇ ਪ੍ਰਬੰਧਾਂ ਦੀ ਅਗਵਾਈ ਕਰ ਰਹੀ ਹੈ।
ਬਰਜਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਲਗਭਗ 2500 ਸਫਾਈ ਕਾਮੇ ਤਾਇਨਾਤ ਕੀਤੇ ਗਏ ਹਨ , ਜੋ ਤਿੰਨ ਸ਼ਿਫਟਾਂ ਵਿੱਚ 24 ਘੰਟੇ ਸੇਵਾਵਾਂ ਨਿਭਾਅ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਸਫਾਈ ਪ੍ਰਬੰਧਾਂ ਦੀ ਨਿਗਰਾਨੀ ਕੋਈ ਸੌਖਾ ਕੰਮ ਨਹੀਂ ਸੀ, ਇਸ ਲਈ ਸਬੰਧਤ ਅਫਸਰ ਈ-ਸਾਈਕਲਾਂ 'ਤੇ ਰਾਊਂਡ ਲਾ ਕੇ ਜਾਇਜ਼ਾ ਲੈ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।