ਫ਼ਗਵਾੜਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਸੈਂਕੜੇ ਵਰਕਰ ਫ਼ਗਵਾੜਾ ਵਿਖੇ ਭਾਜਪਾ ਲੀਡਰ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਉ ਕਰਨ ਦੇ ਲਈ ਪਹੁੰਚੇ।
ਭਾਜਪਾ ਲੀਡਰ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਦਾ ਘਿਰਾਉ ਕਰਨ ਪਹੁੰਚੇ ਸਿਮਰਜੀਤ ਸਿੰਘ ਬੈਂਸ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਕੋਠੀ ਤੋਂ ਕੁਝ ਦੂਰੀ ਉੱਤੇ ਹੀ ਉਨ੍ਹਾਂ ਦੇ ਕਾਫ਼ਲੇ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਵਰਕਰ ਉੱਥੇ ਹੀ ਧਰਨੇ ਉੱਤੇ ਬੈਠ ਗਏ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਤੇ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੈਂਸ ਨੇ ਕੇਂਦਰ ਸਰਕਾਰ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਉੱਤੇ ਤਿੱਖੇ ਨਿਸ਼ਾਨੇ ਲਗਾਏ ਤੇ ਪੰਜਾਬ ਦੀ ਸੱਤਾ ਉੱਤੇ ਕਾਬਜ਼ ਕਾਂਗਰਸ ਪਾਰਟੀ ਨੂੰ ਖੂਬ ਕੋਸਿਆ। ਬੈਂਸ ਨੇ ਅਕਾਲੀਦਲ ਨੂੰ ਨਿਸ਼ਾਨੇ ਉੱਤੇ ਲੈਂਦਿਆਂ ਕਿਹਾ ਕਿ ਸ੍ਰੋਮਣੀ ਅਕਾਲੀਦਲ ਬਾਦਲ ਪੰਜਾਬ ਵਿਰੋਧੀ ਪਾਰਟੀ ਹੈ। ਉਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਅਤੇ ਉਸ ਨੂੰ ਜਲਦੀ ਵਾਪਿਸ ਲੈਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਥਾਂ–ਥਾਂ ਧਰਨੇ ਪ੍ਰਦਰਸ਼ਨ ਕਰ ਕੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਪਰ ਦੂਜੇ ਪਾਸੇ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਹਿਤੈਸ਼ੀ ਦੱਸਦਿਆਂ ਆਪਣੇ ਸਟੈਂਡ ਉੱਤੇ ਅੜੀ ਹੋਈ ਹੈ।