ਕਪੂਰਥਲਾ: ਖੇਤੀ ਕਾਨੂੰਨਾਂ (Agricultural laws ) ਦੇ ਵਿਰੋਧ ਵਿੱਚ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਦਿਨ ਰਾਤ ਡਟੇ ਹੋਏ ਹਨ ਪਰ ਇਸ ਸਭ ਦੇ ਵਿੱਚ ਬਹੁਤ ਸਾਰੇ ਕਿਸਾਨ ਅਜਿਹੇ ਹਨ ਜੋ ਇਸ ਕਿਸਾਨੀ ਸੰਘਰਸ਼ ਦੇ ਦੌਰਾਨ ਆਪਣੀ ਜਾਨ ਗੁਆ ਚੁੱਕੇ ਹਨ। ਮਾਮਲਾ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਹੈ ਜਿੱਥੇ ਬੀਜੇਪੀ ਸਰਕਾਰ ਦਾ ਵਿਰੋਧ ਕਰਦਿਆਂ ਕੁਝ ਕਿਸਾਨਾਂ ਉੱਪਰ ਬੀਜੇਪੀ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਬੇਟੇ ਨੇ ਗੱਡੀ ਚੜ੍ਹਾ ਦਿੱਤੀ। ਇਸ ਘਟਨਾ ਦੇ ਵਿੱਚ ਕਈ ਕਿਸਾਨਾਂ ਦੀ ਮੌਤ ਹੋ ਗਈ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀਜੇਪੀ ਆਗੂ ਵੱਲੋਂ ਇਸ ਵਿਰੋਧ ਦੇ ਦੌਰਾਨ ਫਾਇਰਿੰਗ ਵੀ ਕੀਤੀ ਗਈ ਸੀ। ਇਸ ਘਟਨਾ ਮਗਰੋਂ ਦੇਸ਼ ਭਰ ਦੇ ਕਿਸਾਨਾਂ ਵਿੱਚ ਭਾਰੀ ਰੋਸ ਵੀ ਵੇਖਣ ਨੂੰ ਮਿਲ ਰਿਹਾ ਹੈ। ਇਸੇ ਤਰ੍ਹਾਂ ਸੁਲਤਾਨਪੁਰ ਲੋਧੀ ਹਲਕਾ ਦੇ ਕਿਸਾਨਾਂ ਵਿੱਚ ਵੀ ਭਾਰੀ ਰੋਸ ਵੇਖਣ ਨੂੰ ਮਿਲਿਆ।
ਸੰਯੁਕਤ ਕਿਸਾਨ ਮੋਰਚੇ (SKM) ਦੇ ਕਿਸਾਨਾਂ ਵੱਲੋਂ ਕਿਹਾ ਗਿਆ ਕਿ ਬੀਜੇਪੀ ਸਰਕਾਰ ਕਾਤਲਾਂ ਦੀ ਸਰਕਾਰ ਹੈ ਜੋ ਲਖੀਮਪੁਰ ਵਾਲੀ ਘਟਨਾ ਤੋਂ ਸਪਸ਼ਟ ਹੋ ਚੁੱਕਾ ਹੈ। ਇਸ ਘਟਨਾ ਨੇ ਦੇਸ਼ ਭਰ ਦੇ ਕਿਸਾਨਾਂ ਨੂੰ ਗਹਿਰਾ ਸਦਮਾ ਦਿੱਤਾ ਹੈ।