ਮੈਨੇਜਰ ਭਾਈ ਜਰਨੈਲ ਸਿੰਘ ਸਿੰਘ ਬੂਲੇ ਨੇ ਦਿੱਤੀ ਜਾਣਕਾਰੀ ਕਪੂਰਥਲਾ:ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 536ਵੇਂ ਵਿਆਹ ਪੂਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਮਿਤੀ 21 ਸਤੰਬਰ ਦਿਨ ਸਵੇਰੇ 7 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸੁਲਤਾਨਪੁਰ ਲੋਧੀ ਤੋਂ ਸਜਾਇਆ ਜਾਵੇਗਾ।
ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਵੱਖ-ਵੱਖ ਪ੍ਰਬੰਧ: ਇਸ ਦੌਰਾਨ ਹੀ ਪੰਜ ਪਿਆਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਅਗਵਾਈ ਬਟਾਲਾ ਗੁਰਦੁਆਰਾ ਸ੍ਰੀ ਕੰਧ ਸਾਹਿਬ ਲਈ ਰਵਾਨਾ ਹੋਣਗੇ। ਜਿਸ ਲਈ ਸੰਗਤ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਨੇਕਾਂ ਪਕਵਾਨਾਂ, ਮਠਿਆਈਆਂ ਤੇ ਲੰਗਰ ਦਾ ਸੰਗਤ ਲਈ ਵੀ ਪ੍ਰਬੰਧ ਕੀਤੇ ਗਏ ਹਨ।
ਨਗਰ ਕੀਰਤਨ ਵੱਖ-ਵੱਖ ਪਿੰਡਾਂ 'ਚੋਂ ਕੱਢਿਆ ਜਾਵੇਗਾ: ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਸਿੰਘ ਬੂਲੇ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਸ਼ੁਰੂ ਹੋ ਕੇ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਉੱਚਾ, ਧਾਲੀਵਾਲ, ਸੁਰਖਪੁਰ, ਖੇੜਾ ਬੇਟ ਬਿਆਸ ਤੋਂ ਬਾਬਾ ਬਕਾਲਾ ਤੋਂ ਹੁੰਦਾ ਹੋਇਆ ਬਟਾਲਾ ਪਹੁੰਚ ਕੇ ਸਮਾਪਤ ਹੋਵੇਗਾ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸਜਾਇਆ ਗਿਆ:ਇਸ ਦੌਰਾਨ ਹੀ ਮੈਨੇਜਰ ਭਾਈ ਜਰਨੈਲ ਸਿੰਘ ਸਿੰਘ ਬੂਲੇ ਨੇ ਕਿਹਾ ਕਿ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ। ਜਿਸ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਸੰਗਤ ਵੱਲੋਂ ਰੰਗ-ਬਿਰੰਗੇ ਗੁਲਾਬ ਦੇ ਫੁੱਲਾਂ ਨਾਲ ਸਜਾਇਆ ਗਿਆ ਹੈ। ਇਸ ਵਿਆਹ ਪੂਰਬ ਵਿੱਚ ਸ਼ਾਮਲ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਰਹੀਆਂ ਹਨ। ਇਸ ਦੌਰਾਨ ਹੀ ਗੱਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਜਾਣਗੇ ਅਤੇ ਸਾਰੇ ਰਸਤੇ ਵਿੱਚ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਰਹਿਣਗੀਆਂ। ਉਨ੍ਹਾਂ ਸਮੂਹ ਨਾਨਕ ਲੇਵਾ ਸੰਗਤਾਂ ਨੂੰ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।