ਕਪੂਰਥਲਾ: ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਇਆ ਗਿਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ (Akali leader Virsa Singh Valtoha) ਸ਼੍ਰੋਮਣੀ ਕਮੇਟੀ ਮੈਂਬਰਾਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਇਸ ਮੋਰਚੇ ਦੀ ਕਮਾਨ ਸੰਭਾਲੀ। ਇਸ ਮੌਕੇ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਅਕਾਲ ਬੁੰਗਾ ਸਾਹਿਬ ਗੁਰਦੁਆਰੇ ਵਿਖੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਜੋ ਝੜਪ ਹੋਈ ਅਤੇ ਜਿਸ ਕਾਰਨ ਗੋਲੀ ਚੱਲੀ, ਬਹੁਤ ਹੀ ਸ਼ਰਮਨਾਕ ਹੈ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ: ਵਿਰਸਾ ਸਿੰਘ ਵਲਟੋਹਾ ਨੇ ਅੱਗੇ ਕਿਹਾ ਕਿ ਪੁਲਿਸ ਨੇ ਪਾਠ ਕਰ ਰਹੇ ਨਿਹੰਗ ਸਿੰਘਾਂ 'ਤੇ ਗੋਲੀਆਂ ਚਲਾਈਆਂ ਅਤੇ ਹਥਿਆਰਾਂ ਦੀ ਵਰਤੋਂ (Weapons were used) ਕੀਤੀ ਗਈ, ਜੋ ਕਿ ਬਹੁਤ ਹੀ ਸ਼ਰਮਨਾਕ ਹੈ। ਉਨ੍ਹਾਂ ਇਸ ਮਾਮਲੇ ਦੀ ਸੀ.ਬੀ.ਆਈ ਤੋਂ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਉਮੀਦ ਹੈ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਮੁੱਚੇ ਸਿੱਖ ਜਗਤ ਨੂੰ ਇਨਸਾਫ਼ ਦਿਵਾਇਆ ਜਾਵੇ ਕਿਉਂਕਿ ਇਸ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ।